Punjab

ਪੰਜਾਬ ਪੁਲਿਸ ਵਿੱਚ ਵੱਡਾ ਐਕਸ਼ਨ, ਰਾਜਪਾਲ ਦਾ ਸਾਬਕਾ ADC ਰਿਹਾ IPS ਅਫ਼ਸਰ ਮੁਅੱਤਲ

ਬਿਊਰੋ ਰਿਪੋਰਟ (ਚੰਡੀਗੜ੍ਹ, 15 ਨਵੰਬਰ 2025): ਪੰਜਾਬ ਸਰਕਾਰ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ (ਰੂਰਲ) ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ।

ਸਰਕਾਰੀ ਸੂਤਰਾਂ ਅਨੁਸਾਰ, ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਅਤੇ ਗਿਰੋਹਬੰਦ ਅਪਰਾਧਾਂ ਨੂੰ ਰੋਕਣ ਵਿੱਚ ਢਿੱਲ ਵਰਤਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ।

ਅਫ਼ਸਰ ਦਾ ਪਿਛੋਕੜ

ਆਈਪੀਐਸ ਮਨਿੰਦਰ ਸਿੰਘ 2019 ਬੈਚ ਦੇ ਅਧਿਕਾਰੀ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਅੰਮ੍ਰਿਤਸਰ ਸ਼ਹਿਰ ਪੁਲਿਸ ਕਮਿਸ਼ਨਰੇਟ ਵਿੱਚ ਸਹਾਇਕ ਪੁਲਿਸ ਕਮਿਸ਼ਨਰ (ACP) ਵਜੋਂ ਤਾਇਨਾਤ ਸਨ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਪੁਲਿਸ ਸੁਪਰਡੈਂਟ (SP) ਦੇ ਅਹੁਦੇ ’ਤੇ ਵੀ ਕੰਮ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਦੇ ਸਹਾਇਕ (ਏਡੀਸੀ) ਵਜੋਂ ਨਿਯੁਕਤ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਦਿੱਤੇ ਸਨ ਸਖ਼ਤ ਕਾਰਵਾਈ ਦੇ ਸੰਕੇਤ

ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਹੀ ਸੰਕੇਤ ਦਿੱਤੇ ਸਨ। ਉਨ੍ਹਾਂ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਦੇਸ਼ ਦਾ ਤਾਣਾ-ਬਾਣਾ ਵਿਗਾੜ ਦਿੱਤਾ ਸੀ, ਜਿੱਥੇ ਗੈਂਗਸਟਰਾਂ ਅਤੇ ਮਾਫੀਆ ਨੂੰ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੁਹਰਾਇਆ ਸੀ ਕਿ ਪੰਜਾਬ ਵਿੱਚ ਗੈਂਗਸਟਰਾਂ, ਤਸਕਰਾਂ, ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਸਰਕਾਰ ਉਨ੍ਹਾਂ ਦਾ ਸਫ਼ਾਇਆ ਕਰ ਰਹੀ ਹੈ। ਉਨ੍ਹਾਂ ਨੇ ਗੈਂਗਸਟਰਾਂ ਅਤੇ ਮਾਫੀਆ ਖਿਲਾਫ਼ ਸਖ਼ਤ ਕਾਰਵਾਈ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਸੀ ਕਿ ਇਹ ਲੜਾਈ ਜਲਦ ਹੀ ਪੂਰੀ ਹੋ ਜਾਵੇਗੀ।