India Punjab

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ’ਤੇ ਅੱਜ ਸੁਣਵਾਈ, ਸਰਦ ਰੁੱਤ ਸੈਸ਼ਨ ਲਈ ਮੰਗੀ ਅੰਤਰਿਮ ਰਿਹਾਈ

ਬਿਊਰੋ ਰਿਪੋਰਟ (ਚੰਡੀਗੜ੍ਹ, 21 ਨਵੰਬਰ 2025): ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅੰਤਰਿਮ (ਆਰਜ਼ੀ) ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਉਨ੍ਹਾਂ ਵੱਲੋਂ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਅਤੇ ਇਸ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਇਸ ਮਾਮਲੇ ’ਤੇ ਅੱਜ ਤੋਂ ਸੁਣਵਾਈ ਸ਼ੁਰੂ ਹੋਣ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੀ ਅਪੀਲ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੇ ਸਾਹਮਣੇ ਜਲਦੀ ਸੁਣਵਾਈ ਲਈ ਰੱਖੀ ਗਈ ਸੀ। ਉਨ੍ਹਾਂ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅੰਤਰਿਮ ਰਿਹਾਈ ਦੀ ਮੰਗ ਕੀਤੀ ਹੈ।

ਵਕੀਲ ਦਾ ਤਰਕ:

  • ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ NSA ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਤਹਿਤ ਅਸਾਧਾਰਨ ਹਾਲਾਤਾਂ ਵਿੱਚ ਪੈਰੋਲ ਦਿੱਤੀ ਜਾ ਸਕਦੀ ਹੈ।
  • ਪਿਛਲੀ ਸੁਣਵਾਈ ਦੌਰਾਨ, ਚੀਫ਼ ਜਸਟਿਸ ਨੇ ਸਵਾਲ ਕੀਤਾ ਸੀ ਕਿ ਜਦੋਂ ਤੱਕ ਹਿਰਾਸਤ ’ਤੇ ਰੋਕ ਨਹੀਂ ਲੱਗਦੀ, ਉਹ ਸੰਸਦ ਸੈਸ਼ਨ ਵਿੱਚ ਕਿਵੇਂ ਸ਼ਾਮਲ ਹੋ ਸਕਣਗੇ। ਜਵਾਬ ਵਿੱਚ, ਵਕੀਲ ਨੇ ਦੱਸਿਆ ਕਿ ਦੋਵੇਂ ਮਾਮਲੇ ਵੱਖਰੇ ਹਨ ਅਤੇ ਸੰਸਦ ਵਿੱਚ ਸ਼ਾਮਲ ਹੋਣ ਲਈ ਧਾਰਾ 15 ਤਹਿਤ ਰਾਹਤ ਦੀ ਮੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦੀ ਇਹ ਮੰਗ ਖਾਰਜ ਹੋ ਚੁੱਕੀ ਹੈ।