India Punjab

ਚੰਡੀਗੜ੍ਹ ਬਾਰੇ ਕਿਹੜੇ ਪ੍ਰਸਤਾਵਿਤ ਬਿੱਲ ਨੇ ਛੇੜੀ ਚਰਚਾ, ਮੁੱਖ ਮੰਤਰੀ ਮਾਨ ਨੇ ਕੀਤਾ ਵਿਰੋਧ

ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਦਾਇਰੇ ਵਿੱਚ ਸ਼ਾਮਲ ਕਰਨ ਸਬੰਧੀ ਬਿੱਲ ਲਿਆਉਣ ਦਾ ਪ੍ਰਸਤਾਵ ਰੱਖਿਆ ਹੈ। ਇਹ ਆਰਟੀਕਲ ਰਾਸ਼ਟਰਪਤੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਨਿਯਮ ਬਣਾਉਣ ਅਤੇ ਸਿੱਧੇ ਤੌਰ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਦਿੰਦਾ ਹੈ।

ਲੋਕ ਸਭਾ ਅਤੇ ਰਾਜ ਸਭਾ ਦੇ 21 ਨਵੰਬਰ ਦੇ ਇੱਕ ਬੁਲੇਟਿਨ ਮੁਤਾਬਕ, ਸਰਕਾਰ 1 ਦਸੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਕੌਂਸਟੀਟਿਊਸ਼ਨ (131 ਅਮੈਂਡਮੈਂਟ) ਬਿੱਲ 2025 ਲਿਆਏਗੀ।

ਇਸ ਮਾਮਲੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ ਉੱਤੇ ਇੱਕ ਪੋਸਟ ਵਿੱਚ ਲਿਖਿਆ ਕਿ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਉਹ ਸਖ਼ਤ ਸ਼ਬਦਾਂ ‘ਚ ਵਿਰੋਧ ਕਰਦੇ ਹਨ।

ਉਨ੍ਹਾਂ ਲਿਖਿਆ ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੋਧ ਵਿੱਚ ਹੈ। “ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।”

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਵਿਰਵਾ ਨਹੀਂ ਕੀਤਾ ਜਾਂਦਾ ਜਦਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਤੋਂ ਸੱਖਣਾ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ ਕਿ ਪੰਜਾਬ ਤੋਂ ਉਸ ਦਾ ਹੱਕ ਖੋਹਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਮਿਲਦੀ ਜਿੱਥੇ ਭਾਸ਼ਾ ਦੇ ਆਧਾਰ ਉਤੇ ਸੂਬੇ ਦਾ ਗਠਨ ਕਰਨ ਤੋਂ ਬਾਅਦ ਉਸ ਨੂੰ ਰਾਜਧਾਨੀ ਤੋਂ ਵਾਂਝਾ ਕਰ ਦਿੱਤਾ ਗਿਆ ਹੋਵੇ।