Punjab Religion

ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਰੂਪ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਅਲੋਚਨਾ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬੱਚਿਆਂ ਨੂੰ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ) ਅਤੇ ਹੋਰ ਸਿੱਖ ਸ਼ਹੀਦਾਂ ਦੇ ਰੂਪ ਵਿੱਚ ਸਜਾਇਆ ਜਾ ਰਿਹਾ ਹੈ।

ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਰਕਾਰ ਸਕੂਲਾਂ ਵਿੱਚ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੂੰ ‘ਫੈਂਸੀ ਡਰੈੱਸ’ ਦੇ ਇੱਕ ਮੁਕਾਬਲੇ ਦੌਰਾਨ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ,ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਤਰ੍ਹਾਂ ਪਹਿਰਾਵਾ ਪਹਿਨ ਕੇ ਆਉਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਨਿਖੇਧੀ ਹੋ ਰਹੀ ਹੈ।

ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਮੰਨਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਗਵੰਤ ਮਾਨ ਸਰਕਾਰ ਦੀ ਤਿੱਖੀ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਰਕਾਰੀ ਸਮਾਗਮ ਬਣਾ ਕੇ ਤੇ ਪੰਜਾਬ ਦੇ ਖਜ਼ਾਨੇ ਨੂੰ ਬਾਹਰੀ ਕੰਪਨੀਆਂ ਨੂੰ ਸੌਂਪਣ ਤੋਂ ਬਾਅਦ, ਹੁਣ ਆਮ ਆਦਮੀ ਪਾਰਟੀ ਸਰਕਾਰ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਪਵਿੱਤਰਤਾ ਦਾ ਮਜ਼ਾਕ ਉਡਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਹੀਦੀ ਮਾਮਲਿਆਂ ਵਿੱਚ ਸਰਕਾਰ ਨੂੰ ਰਾਜਨੀਤਿਕ ਸਲਾਹਕਾਰਾਂ ਨਹੀਂ, ਸਗੋਂ ਸਿੱਖ ਸਿਧਾਂਤਾਂ ਦੀ ਡੂੰਘੀ ਸਮਝ ਰੱਖਣ ਵਾਲੇ ਵਿਦਵਾਨਾਂ ਤੋਂ ਮਾਰਗਦਰਸ਼ਨ ਲੈਣਾ ਚਾਹੀਦਾ ਹੈ। ਫੈਂਸੀ ਡਰੈੱਸ ਦੇ ਨਾਂ ਹੇਠ ਬੱਚਿਆਂ ਨੂੰ ਸ਼ਹੀਦਾਂ ਦਾ ਰੂਪ ਧਾਰਨ ਕਰਨਾ ਸਿੱਖ ਮਰਿਆਦਾ ਦੀ ਸਿੱਧੀ ਉਲੰਘਣਾ ਹੈ।

ਗਿਆਨੀ ਨੇ ਆਖਿਆ ਕਿ ਸਿੱਖ ਸ਼ਹਾਦਤਾਂ ਫੈਂਸੀ ਡਰੈੱਸ ਦੀ ਥੀਮ ਨਹੀਂ, ਸਗੋਂ ਸਾਡੀ ਆਤਮਾ ਤੇ ਪਛਾਣ ਹਨ। ਇਹ ਬੇਅਦਬੀ ਨੂੰ ਰੋਕਣ ਦੀ ਬਜਾਏ ਸਰਕਾਰ ਅਧਿਕਾਰਤ ਪੱਤਰ ਜਾਰੀ ਕਰਕੇ ਇਸ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਮੰਤਰੀ ਤੇ ਵਿਭਾਗ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ, ਸਿੱਖ ਕੌਮ ਤੋਂ ਮੁਆਫ਼ੀ ਮੰਗਣ ਤੇ ਫੈਂਸੀ ਡਰੈੱਸ ਮੁਕਾਬਲਿਆਂ ਦੀ ਥਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਇਤਿਹਾਸ ਨਾਲ ਸਬੰਧਤ ਸਾਹਿਤਕ, ਭਾਸ਼ਣ ਜਾਂ ਲੇਖ-ਰਚਨਾ ਮੁਕਾਬਲੇ ਕਰਵਾਏ ਜਾਣ।