India Khetibadi Punjab

BKU (ਏਕਤਾ ਸਿੱਧੂਪੁਰ) ਵੱਲੋਂ ਰਾਠੀਖੇੜਾ ਫੈਕਟਰੀ ਖ਼ਿਲਾਫ਼ ਵੱਡੇ ਸੰਘਰਸ਼ ਦੀ ਚਿਤਾਵਨੀ

ਬਿਊਰੋ ਰਿਪੋਰਟ (ਅੰਮ੍ਰਿਤਸਰ, 14 ਦਸੰਬਰ 2025): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸਮੁੱਚੀ ਲੀਡਰਸ਼ਿਪ ਦੀ ਅੱਜ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਗਜੀਤ ਸਿੰਘ ਡੱਲੇਵਾਲ ਜੀ ਨੇ ਕੀਤੀ। ਇਸ ਮੀਟਿੰਗ ਤੋਂ ਪਹਿਲਾਂ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੇ ਪਿਤਾ ਜੀ ਸੰਤ ਬਾਬਾ ਸੁੱਚਾ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਅਤੇ ਵੱਡੀ ਗਿਣਤੀ ਵਿੱਚ ਬਲਾਕ ਆਗੂ ਸ਼ਾਮਲ ਹੋਏ। ਮੀਟਿੰਗ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਜਥੇਬੰਦੀ ਦੇ ਮੁੱਖ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।

ਟਿੱਬੀ-ਰਾਠੀਖੇੜਾ ਫੈਕਟਰੀ ਅਤੇ ਝੂਠੇ ਪਰਚੇ

ਜਥੇਬੰਦੀ ਨੇ ਟਿੱਬੀ-ਰਾਠੀਖੇੜਾ ਵਿਖੇ ਇਥਾਨੋਲ ਫੈਕਟਰੀ ਲੱਗਣ ਦੇ ਵਿਰੋਧ ਵਿੱਚ ਚੱਲ ਰਹੇ ਲੋਕ ਮੋਰਚੇ ਦੌਰਾਨ ਕਿਸਾਨਾਂ ਉੱਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਤਸ਼ੱਦਦ ਅਤੇ ਝੂਠੀ ਕਾਨੂੰਨੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਰਾਜਸਥਾਨ ਸਰਕਾਰ ਵੱਲੋਂ ਫੈਕਟਰੀ ਬੰਦ ਕਰਨ ਦਾ ਨੋਟਿਸ ਜਾਰੀ ਨਹੀਂ ਕੀਤਾ ਜਾਂਦਾ ਅਤੇ ਦਰਜ ਕੀਤੇ ਪਰਚੇ ਤੁਰੰਤ ਵਾਪਸ ਨਹੀਂ ਲਏ ਜਾਂਦੇ, ਤਾਂ ਜਥੇਬੰਦੀ ਵੱਡੇ ਪੱਧਰ ’ਤੇ ਦੁਬਾਰਾ ਸੰਘਰਸ਼ ਵਿੱਢੇਗੀ।

ਬੇਅਦਬੀ ਮਾਮਲੇ ਅਤੇ ਟਾਵਰ ਮੋਰਚਾ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਨੂੰ ਜਥੇਬੰਦੀ ਵੱਲੋਂ ਪੂਰਨ ਸਹਿਯੋਗ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਜੇ ਸਰਕਾਰ 15 ਜਨਵਰੀ ਤੱਕ ਕਾਨੂੰਨ ਬਣਾਉਣ ਦਾ ਦਿੱਤਾ ਗਿਆ ਭਰੋਸਾ ਪੂਰਾ ਨਹੀਂ ਕਰਦੀ, ਤਾਂ 15 ਜਨਵਰੀ ਨੂੰ ਵੱਡੇ ਪੱਧਰ ’ਤੇ ਸਹਿਯੋਗ ਅਤੇ ਸੰਘਰਸ਼ ਕੀਤਾ ਜਾਵੇਗਾ।

ਤਾਮਿਲਨਾਡੂ ਦੇ ਕਿਸਾਨ ਆਗੂ ਦੀ ਰਿਹਾਈ ਲਈ ਦੇਸ਼ ਵਿਆਪੀ ਰੋਸ

ਜਥੇਬੰਦੀ ਨੇ ਤਾਮਿਲਨਾਡੂ ਸਰਕਾਰ ਵੱਲੋਂ ਗੈਸ ਲੀਕ ਫੈਕਟਰੀ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਪੀ.ਆਰ. ਪਾਂਡੀਅਨ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿੰਦਾ ਕੀਤੀ। ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਪਾਂਡੀਅਨ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਪਾਂਡੀਅਨ ਦੀ ਰਿਹਾਈ ਅਤੇ ਉਨ੍ਹਾਂ ’ਤੇ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ 18 ਦਸੰਬਰ ਨੂੰ ਸਾਰੇ ਦੇਸ਼ ਭਰ ਵਿੱਚ ਸਵੇਰੇ 11 ਵਜੇ ਤੋਂ 1 ਵਜੇ ਤੱਕ ਰੋਸ ਮਾਰਚ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ।

ਅਨੁਸ਼ਾਸਨੀ ਕਾਰਵਾਈ

ਮੀਟਿੰਗ ਵਿੱਚ ਅਨੁਸ਼ਾਸਨਹੀਣਤਾ ਦੇ ਮਾਮਲੇ ’ਤੇ ਅਹਿਮ ਫੈਸਲਾ ਲੈਂਦਿਆਂ, ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਵੇੜਾ ਨੂੰ ਲਗਾਤਾਰ ਗੈਰਹਾਜ਼ਰੀ ਅਤੇ ਜਥੇਬੰਦੀ ਵਿਰੋਧੀ ਕਾਰਵਾਈਆਂ ਕਾਰਨ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਾਰੇ ਅਹੁਦੇ ਵਾਪਸ ਲੈ ਲਏ ਗਏ ਹਨ।