ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗਾਇਬ ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ SIT ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਬਣਾਈ ਗਈ ਹੈ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੰਮ ਕਰੇਗੀ।
SIT ਦੇ ਚੇਅਰਮੈਨ ਵਜੋਂ ਏਆਈਜੀ ਵਿਜੀਲੈਂਸ ਮੋਹਾਲੀ ਜਗਤਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਪੰਜ ਮੈਂਬਰੀ ਟੀਮ ਹੈ, ਜਿਸ ਵਿੱਚ DCP ਜਾਂਚ ਅੰਮ੍ਰਿਤਸਰ ਰਵਿੰਦਰਪਾਲ ਸਿੰਘ ਸੰਧੂ, ਅਤਿਰਿਕਤ DCP ਹਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹਨ।
ਇਸ ਮਾਮਲੇ ਵਿੱਚ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਵੱਲੋਂ 16 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚ SGPC ਦੇ ਸਾਬਕਾ ਅਧਿਕਾਰੀ ਵੀ ਸ਼ਾਮਲ ਹਨ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ।
10 ਦੋਸ਼ੀਆਂ ਨੇ ਅਦਾਲਤ ਵਿੱਚ ਜਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ, ਪਰ ਅਦਾਲਤ ਨੇ ਸਾਰੀਆਂ ਨੂੰ ਰੱਦ ਕਰ ਦਿੱਤਾ, ਜੋ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
SIT ਨੂੰ ਪਾਵਨ ਸਰੂਪਾਂ ਨਾਲ ਜੁੜੇ ਹਰ ਪੱਖ ਦੀ ਡੂੰਘੀ ਜਾਂਚ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਟੀਮ ਪਤਾ ਲਗਾਏਗੀ ਕਿ ਇਸ ਪਿੱਛੇ ਕੌਣ ਸ਼ਾਮਲ ਹੈ, ਕੀ ਲਾਪਰਵਾਹੀ ਜਾਂ ਸਾਜ਼ਿਸ਼ ਹੋਈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਪਾਰਦਰਸ਼ੀ ਅਤੇ ਨਿਰਪੱਖ ਹੋਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਯਕੀਨ ਦਿਵਾਇਆ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਨਿਆਂ ਜ਼ਰੂਰ ਹੋਵੇਗਾ।

