Punjab Religion

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੇ ਅਹਿਮ ਫ਼ੈਸਲੇ

28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਸ਼ਾਮਲ ਹੋਏ।

ਇਕੱਤਰਤਾ ਵਿੱਚ ਮੁੱਖ ਤੌਰ ‘ਤੇ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ, ਸ਼ਹੀਦਾਂ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਫਿਲਮਾਂ, ਐਨੀਮੇਸ਼ਨ ਫਿਲਮਾਂ ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਵੀਡੀਓਜ਼ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜ ਸਿੰਘ ਸਾਹਿਬਾਨ ਨੇ ਮੰਨਿਆ ਕਿ ਮੌਜੂਦਾ ਟੈਕਨਾਲੋਜੀ ਤੇ AI ਦੇ ਯੁੱਗ ਵਿੱਚ ਇਹ ਬਹੁਤ ਗੰਭੀਰ ਮਸਲਾ ਹੈ ਅਤੇ ਇਸ ਲਈ ਠੋਸ ਨੀਤੀ ਬਣਾਉਣ ਦੀ ਲੋੜ ਹੈ। ਪਿਛਲੇ ਫੈਸਲਿਆਂ (1934, 1940, 2015 ਤੇ 2022 ਵਿੱਚ ਲਏ ਗਏ) ਨੂੰ ਧਿਆਨ ਵਿੱਚ ਰੱਖਦਿਆਂ ਤੇ 2 ਮਈ 2025 ਨੂੰ ਵਿਦਵਾਨਾਂ ਨਾਲ ਵਿਚਾਰ ਬਾਅਦ, ਫੈਸਲਾ ਕੀਤਾ ਗਿਆ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ, ਯੋਧੇ-ਸ਼ਹੀਦਾਂ ਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ ਫਿਲਮਾਂ ਜਾਂ ਐਨੀਮੇਸ਼ਨ ਨਹੀਂ ਬਣਾਈਆਂ ਜਾ ਸਕਣਗੀਆਂ। AI ਰਾਹੀਂ ਵੀ ਅਜਿਹੀਆਂ ਵੀਡੀਓਜ਼ ਬਣਾਉਣ ‘ਤੇ ਪਾਬੰਦੀ ਲਗਾਈ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡੇ ਫਿਲਮ ਨਿਰਮਾਤਾਵਾਂ ਨੂੰ ਚਿੱਠੀਆਂ ਲਿਖ ਕੇ ਇਸ ਆਦੇਸ਼ ਦੀ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਬਿਨਾਂ ਪ੍ਰਵਾਨਗੀ ਸਿੱਖ ਇਤਿਹਾਸ ਨਾਲ ਜੁੜੀ ਕੋਈ ਫਿਲਮ ਨਹੀਂ ਬਣ ਸਕੇਗੀ।

ਇਕ ਹੋਰ ਅਹਿਮ ਫੈਸਲੇ ਵਿੱਚ ਮੈਰਿਜ ਪੈਲੇਸਾਂ, ਬੀਚਾਂ ਜਾਂ ਰਿਜ਼ੋਰਟਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾ ਕੇ ਅਨੰਦ ਕਾਰਜ ਕਰਨ ‘ਤੇ ਸਖ਼ਤ ਪਾਬੰਦੀ ਲਗਾਈ ਗਈ। ਆਦੇਸ਼ ਨਾ ਮੰਨਣ ਵਾਲਿਆਂ ਖ਼ਿਲਾਫ਼ ਪੰਥਕ ਕਾਰਵਾਈ ਕੀਤੀ ਜਾਵੇਗੀ। ਰਵਾਇਤੀ ਗੁਰਦੁਆਰਾ ਪ੍ਰਚਾਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਵੀ ਇਕੱਤਰਤਾ ਦੌਰਾਨ ਵਿਚਾਰਿਆ ਗਿਆ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਪੰਥਕ ਅਤੇ ਸੰਵਿਧਾਨਕ ਸੰਸਥਾ ਹੈ ਅਤੇ ਭਾਰਤੀ ਸੰਵਿਧਾਨ ਅਨੁਸਾਰ ਕੋਈ ਵੀ ਸਰਕਾਰ ਕਿਸੇ ਵੀ ਧਾਰਮਿਕ ਮਾਮਲੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ। ਉਨ੍ਹਾਂ ਆਰੋਪ ਲਗਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਦੇਸ਼ ਅਤੇ ਸੂਬੇ ਦੇ ਹੁਕਮਰਾਨਾਂ ਵੱਲੋਂ ਪੰਥਕ ਸੰਸਥਾਵਾਂ ਅਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਮਸਲੇ ਸਿੱਖ ਸੰਗਤ ਆਪਣੇ ਤੌਰ ’ਤੇ ਹੱਲ ਕਰ ਸਕਦੀ ਹੈ।