India Punjab

ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, ਆਤਿਸ਼ੀ ਵਿਰੁੱਧ FIR ਦੀ ਕੀਤੀ ਮੰਗ

ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਦਿੱਲੀ ਪੁਲਿਸ ਕਮਿਸ਼ਨਰ (Delhi Police Commissioner) ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੰਤਰੀ ਆਤਿਸ਼ੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਐਸਜੀਪੀਸੀ ਦੇ ਵਫ਼ਦ ਨੇ ਦੋਸ਼ ਲਾਇਆ ਕਿ ਆਤਿਸ਼ੀ ਨੇ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਸਿੱਖ ਗੁਰੂਆਂ ਦਾ ਹਵਾਲਾ ਦਿੰਦੇ ਹੋਏ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦ ਵਰਤੇ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।

ਐਸਜੀਪੀਸੀ ਦਾ ਵਫ਼ਦ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਦਿੱਲੀ ਪਹੁੰਚਿਆ ਸੀ। ਇਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਕਾਰਜਕਾਰੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਵੀ ਸ਼ਾਮਲ ਸਨ। ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਅਰਜ਼ੀ ਸੌਂਪੀ, ਜਿਸ ਵਿੱਚ ਆਤਿਸ਼ੀ ਵੱਲੋਂ ਵਰਤੇ ਗਏ ਸ਼ਬਦਾਂ ਨੂੰ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਵਿੱਚ ਦਰਜ ਦੱਸਿਆ ਗਿਆ ਹੈ।

ਐਸਜੀਪੀਸੀ ਨੇ ਆਪਣੇ ਪੱਤਰ ਵਿੱਚ ਜ਼ੋਰ ਦਿੱਤਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਮਾਰਗਦਰਸ਼ਕ ਹਨ ਅਤੇ ਸਿੱਖ ਧਰਮ ਹਮੇਸ਼ਾ ਸਮਾਨਤਾ, ਭਾਈਚਾਰਾ ਅਤੇ ਸਦਭਾਵਨਾ ਦਾ ਪ੍ਰਚਾਰ ਕਰਦਾ ਰਿਹਾ ਹੈ। ਇਸ ਲਈ ਗੁਰੂਆਂ ਵਿਰੁੱਧ ਅਜਿਹੀ ਭਾਸ਼ਾ ਦੀ ਵਰਤੋਂ ਬਹੁਤ ਹੀ ਮੰਦਭਾਗੀ ਹੈ। ਖਾਸ ਕਰਕੇ ਜਦੋਂ ਪੂਰਾ ਦੇਸ਼ ਅਤੇ ਸਿੱਖ ਜਗਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾ ਰਿਹਾ ਹੈ, ਤਾਂ ਇੱਕ ਚੁਣੇ ਹੋਏ ਜਨ ਨੁਮਾਇੰਦੇ ਵੱਲੋਂ ਅਜਿਹੀ ਟਿੱਪਣੀ ਕਰਨਾ ਅਸਹਿਣਯੋਗ ਹੈ।

ਕਮੇਟੀ ਨੇ ਦੋਸ਼ ਲਾਇਆ ਕਿ ਆਤਿਸ਼ੀ ਦਾ ਬਿਆਨ ਜਾਣਬੁੱਝ ਕੇ ਦਿੱਤਾ ਗਿਆ ਜਾਪਦਾ ਹੈ, ਜੋ ਸਿੱਖ ਭਾਈਚਾਰੇ ਪ੍ਰਤੀ ਉਸਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਸ ਨਾਲ ਨਾ ਸਿਰਫ਼ ਭਾਰਤ ਵਿੱਚ ਸਗੋਂ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਵਫ਼ਦ ਨੇ ਮੰਗ ਕੀਤੀ ਕਿ ਆਤਿਸ਼ੀ ਵਿਰੁੱਧ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਨਾਲ ਭਵਿੱਖ ਵਿੱਚ ਕੋਈ ਵੀ ਰਾਜਨੀਤਿਕ ਆਗੂ ਕਿਸੇ ਵੀ ਧਰਮ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰ ਸਕੇ। ਐਸਜੀਪੀਸੀ ਨੇ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।