ਗੁਰਦਾਸਪੁਰ ਵਿੱਚ ਪੁਲਿਸ ਚੌਕੀ ‘ਤੇ ਡਿਊਟੀ ‘ਤੇ ਤਾਇਨਾਤ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੇ ਕਤਲ ਮਾਮਲੇ ਵਿੱਚ ਸੀਐਮ ਭਗੰਵਤ ਮਾਨ ਨੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਦੋਵਾਂ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐੱਚਡੀਐੱਫਸੀ ਬੈਂਕ ਵੱਲੋਂ ਵੀ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।
ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ… pic.twitter.com/2iAdI6c0Qp
— Bhagwant Mann (@BhagwantMann) February 23, 2026
ਮੁੱਖ ਮੰਤਰੀ ਨੇ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੁਰਬਾਨੀ ਸਾਰਿਆਂ ਨੂੰ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਸਾਂਝਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ।
ਦੱਸ ਦਈਏ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਸਰਹੱਦ ਤੋਂ ਲਗਭਗ ਡੇਢ-ਦੋ ਕਿਲੋਮੀਟਰ ਦੂਰ ਆਦੀਆਂ (ਅਧੀਨ) ਪੁਲਿਸ ਚੌਕੀ ‘ਤੇ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਥਾਣਾ ਦੋਰਾਂਗਲਾ ਅਧੀਨ ਹੋਈ, ਜਿੱਥੇ ਦੋਵਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਲਾਸ਼ਾਂ ਮਿਲਣ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ‘ਤੇ ਜਾਂਚ ਸ਼ੁਰੂ ਕੀਤੀ। ਕੁਝ ਰਿਪੋਰਟਾਂ ਅਨੁਸਾਰ ਇਹ ਆਪਸੀ ਝਗੜੇ ਕਾਰਨ ਹੋ ਸਕਦਾ ਹੈ ਜਾਂ ਬਾਹਰੀ ਹਮਲਾਵਰ ਸ਼ਾਮਲ ਸਨ, ਜਦਕਿ ਇੱਕ ਅੱਤਵਾਦੀ ਸੰਗਠਨ ਨੇ ਵੀ ਜ਼ਿੰਮੇਵਾਰੀ ਲਈ ਹੈ।

