ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 3 ਮਾਰਚ 2026): ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਰਵਾਈ ਗਈ ਪੰਥਕ ਕਾਨਫਰੰਸ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਉਨ੍ਹਾਂ ਸਾਰੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਉਹ ਇਸ ਕਾਨਫਰੰਸ ਦਾ ਹਿੱਸਾ ਨਹੀਂ ਬਣਨਗੇ। ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਿੱਥੇ ਵੀ ਪੰਥ ਦੀ ਚੜ੍ਹਦੀ ਕਲਾ ਦੀ ਗੱਲ ਹੋਵੇਗੀ, ਉਹ ਉੱਥੇ ਹਮੇਸ਼ਾ ਹਾਜ਼ਰ ਰਹਿਣਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ’ਤੇ ਗੰਭੀਰ ਇਲਜ਼ਾਮ ਲਗਾਏ ਸਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ SGPC ਅੰਦਰ ਭਾਰੀ ਬੇਨਿਯਮੀਆਂ ਹਨ ਅਤੇ ਇਸ ’ਤੇ ਬਾਦਲ ਪਰਿਵਾਰ ਦਾ ਪੂਰੀ ਤਰ੍ਹਾਂ ਕਬਜ਼ਾ ਹੈ। ਇਨ੍ਹਾਂ ਇਲਜ਼ਾਮਾਂ ਤੋਂ ਤੁਰੰਤ ਬਾਅਦ SGPC ਨੇ ਮੀਟਿੰਗ ਕਰਕੇ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਤੋਂ ਲਾਂਭੇ (ਸੇਵਾ-ਮੁਕਤ) ਕਰ ਦਿੱਤਾ ਸੀ।
ਹੁਣ ਹੋਲਾ ਮਹੱਲਾ ਮੌਕੇ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਿਆਸੀ ਸਟੇਜ ’ਤੇ ਨਜ਼ਰ ਆਉਣ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਇਹ ਸਵਾਲ ਉੱਠਣ ਲੱਗ ਪਏ ਹਨ ਕਿ ਕੀ ਗਿਆਨੀ ਰਘਬੀਰ ਸਿੰਘ ਹੁਣ ਸਰਗਰਮ ਸਿਆਸਤ ਵਿੱਚ ਕਦਮ ਰੱਖਣ ਜਾ ਰਹੇ ਹਨ। ਉਨ੍ਹਾਂ ਦੀ ਇਸ ਸ਼ਮੂਲੀਅਤ ਨੇ ਆਉਣ ਵਾਲੇ ਦਿਨਾਂ ਵਿੱਚ ਪੰਥਕ ਸਿਆਸਤ ਦੇ ਸਮੀਕਰਨ ਬਦਲਣ ਦੇ ਸੰਕੇਤ ਦਿੱਤੇ ਹਨ।

