ਬਿਊਰੋ ਰਿਪੋਰਟ (ਚੰਡੀਗੜ੍ਹ, 8 ਅਪ੍ਰੈਲ 2026): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਏਜੰਡਾ ਸਾਂਝਾ ਕਰਦਿਆਂ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ।
ਅਫ਼ੀਮ ਦੀ ਖੇਤੀ ਅਤੇ ਕਿਸਾਨੀ ਮੁੱਖ ਮੁੱਦਾ
ਡਾ. ਸਿੱਧੂ ਨੇ ਇੱਕ ਵੱਡਾ ਚੋਣ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਸਰਕਾਰੀ ਦੇਖ-ਰੇਖ ਹੇਠ ਅਫ਼ੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਕਿਸਾਨੀ ਦੀ ਹਾਲਤ ਸੁਧਾਰਨਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਵਿਭਾਗਾਂ ਦੀ ਵੰਡ ਮਾਹਿਰਾਂ ਦੇ ਗਿਆਨ ਦੇ ਆਧਾਰ ’ਤੇ ਕੀਤੀ ਜਾਵੇਗੀ।
ਨਵਜੋਤ ਸਿੰਘ ਸਿੱਧੂ ਤੋਂ ਦੂਰੀ
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਦਾ ਇਸ ਨਵੀਂ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਫਿਲਹਾਲ ਕਿਸੇ ਵੀ ਸਿਆਸੀ ਪਾਰਟੀ ਵਿੱਚ ਸਰਗਰਮ ਨਹੀਂ ਹਨ। ਡਾ. ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਅਤੇ ਰੋਜ਼ਗਾਰ ਲਈ ਇੱਕ ਨਵੀਂ ਸੋਚ ਨਾਲ ਮੈਦਾਨ ਵਿੱਚ ਉਤਰੇ ਹਨ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦਾ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ।
ਗਠਜੋੜ ਤੋਂ ਇਨਕਾਰ
ਉਨ੍ਹਾਂ ਮੌਜੂਦਾ ਸਿਆਸੀ ਪਾਰਟੀਆਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੋਈ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ। ਪੈਸੇ ਦੀ ਸਿਆਸਤ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚੋਣਾਂ ਵਿੱਚ ਬੇਲੋੜਾ ਪੈਸਾ ਖ਼ਰਚਣ ਦੀ ਬਜਾਏ ਉਸ ਨੂੰ ਲੋਕ ਭਲਾਈ ਦੇ ਕੰਮਾਂ ਲਈ ਵਰਤਣਾ ਪਸੰਦ ਕਰਨਗੇ। ਫਿਲਹਾਲ ਉਨ੍ਹਾਂ ਦੀ ਕਿਸੇ ਵੀ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਯੋਜਨਾ ਨਹੀਂ ਹੈ।

