India Punjab

ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ! ‘ਲਾਰੈਂਸ ਆਫ਼ ਪੰਜਾਬ’ ਸੀਰੀਜ਼ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ

ਚੰਡੀਗੜ੍ਹ (23 ਅਪ੍ਰੈਲ, 2026): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਆਉਣ ਵਾਲੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਵੜਿੰਗ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ’ਤੇ ਆਧਾਰਿਤ ਇਹ ਸੀਰੀਜ਼ ਅਪਰਾਧ ਅਤੇ ਗੈਂਗਸਟਰ ਕਲਚਰ ਦੀ ਵਡਿਆਈ ਕਰਦੀ ਹੈ, ਜੋ ਸਮਾਜ ਲਈ ਬੇਹੱਦ ਖ਼ਤਰਨਾਕ ਹੈ।

ਰਾਜਾ ਵੜਿੰਗ ਨੇ ਚਿੱਠੀ ਵਿੱਚ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ। ਅਜਿਹੀ ਪਵਿੱਤਰ ਧਰਤੀ ਦੇ ਨਾਂ ਨੂੰ ਇੱਕ ਖ਼ੌਫ਼ਨਾਕ ਅਪਰਾਧੀ ਨਾਲ ਜੋੜਨਾ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੀ ਘੋਰ ਤੌਹੀਨ ਹੈ। ਉਨ੍ਹਾਂ ਪੀਐਮ ਮੋਦੀ ਨੂੰ ਯਾਦ ਦਿਵਾਇਆ ਕਿ ਉਹ ਖ਼ੁਦ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ, ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣਾ ਚਾਹੀਦਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਤਰ੍ਹਾਂ ਦੀਆਂ ਫ਼ਿਲਮਾਂ ਨੌਜਵਾਨਾਂ ਦੇ ਮਨਾਂ ’ਤੇ ਵਿਨਾਸ਼ਕਾਰੀ ਪ੍ਰਭਾਵ ਪਾ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਜ਼ੁਰਮ ਦੀ ਦੁਨੀਆ ਵੱਲ ਆਕਰਸ਼ਿਤ ਕਰ ਸਕਦੀਆਂ ਹਨ। ਵੜਿੰਗ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਭਿਆਨਕ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ, ਇਸ ਲਈ ਉਸ ਨੂੰ ਨਾਇਕ ਵਜੋਂ ਪੇਸ਼ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਇਸ ਸੀਰੀਜ਼ ਦੇ ਰਿਲੀਜ਼ ’ਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਹੈ।