Punjab

ਰੁਸਤਮ-ਏ-ਹਿੰਦ ‘ਜੱਸਾ ਪੱਟੀ’ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਵ (28 ਅਪ੍ਰੈਲ 2026): ਪੰਜਾਬ ਦੇ ਕੁਸ਼ਤੀ ਜਗਤ ਦੇ ਮਸ਼ਹੂਰ ਪਹਿਲਵਾਨ ਜਸਕੰਵਰ ਸਿੰਘ ਪੱਟੀ, ਜਿਨ੍ਹਾਂ ਨੂੰ ਦੁਨੀਆ ‘ਜੱਸਾ ਪੱਟੀ’ ਦੇ ਨਾਮ ਨਾਲ ਜਾਣਦੀ ਹੈ, ਨੇ ਅੱਜ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ੍ਹ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਜੱਸਾ ਪੱਟੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਪੰਜਾਬ ਦਾ ਗੌਰਵ ਹਨ ਅਤੇ ਉਨ੍ਹਾਂ ਦੀ ਮਿਹਨਤ ਨੌਜਵਾਨ ਪੀੜ੍ਹੀ ਲਈ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜੱਸਾ ਪੱਟੀ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਨੂੰ ‘ਨਸ਼ਾ ਮੁਕਤ’ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ‘ਰੰਗਲਾ ਪੰਜਾਬ’ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੱਸਾ ਪੱਟੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।