ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ‘ਚ 8 ਫ਼ੀਸਦੀ ਵਾਧਾ ਕਰ ਦਿੱਤਾ ਹੈ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਿਆ ਹੈ।
ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਇਸ ਸਬੰਧੀ ਰਾਜਪਾਲ, ਪੰਜਾਬ ਦੀ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ। ਵਧੇ ਹੋਏ ਮਹਿੰਗਾਈ ਭੱਤੇ ਦਾ ਭੁਗਤਾਨ ਸਤੰਬਰ 2026 ਦੀ ਤਨਖ਼ਾਹ ਨਾਲ ਕੀਤੇ ਜਾਣ ਦੀ ਗੱਲ ਵੀ ਹੁਕਮਾਂ ‘ਚ ਦਰਜ ਹੈ।
ਵਿੱਤ ਵਿਭਾਗ ਵੱਲੋਂ ਮਹਿੰਗਾਈ ਭੱਤੇ ‘ਚ ਵਾਧੇ ਸਬੰਧੀ ਹੁਕਮ ਪੰਜਾਬ ਸਰਕਾਰ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਤੇ ਪ੍ਰਸ਼ਾਸਨਿਕ ਸਕੱਤਰਾਂ ਤੋਂ ਇਲਾਵਾ ਵਿਭਾਗਾਂ ਦੇ ਮੁਖੀਆਂ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜੇ ਗਏ ਹਨ।
ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ DA ਦਾ ਨੋਟੀਫਿਕੇਸ਼ਨ ਜਾਰੀ… pic.twitter.com/ObU8oCLCVr
— AAP Punjab (@AAPPunjab) September 23, 2026
ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲਾਂ ਡੀਏ ਵਿੱਚ 8 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣੀ ਸੀ। ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੁੱਲ 8 ਫ਼ੀਸਦੀ ਡੀਏ ਵਧਾਉਣ ਦਾ ਫ਼ੈਸਲਾ ਲਿਆ ਗਿਆ ਸੀ। ਇਹ ਵਾਧਾ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਲਾਗੂ ਕੀਤਾ ਜਾਵੇਗਾ।
ਪਹਿਲੀ ਕਿਸ਼ਤ (4 ਫ਼ੀਸਦੀ): ਸਤੰਬਰ ਮਹੀਨੇ ਦੀ ਤਨਖ਼ਾਹ ਨਾਲ ਦਿੱਤੀ ਜਾਵੇਗੀ।
ਦੂਜੀ ਕਿਸ਼ਤ (4 ਫ਼ੀਸਦੀ): ਅਕਤੂਬਰ ਮਹੀਨੇ ਦੀ ਤਨਖ਼ਾਹ ਨਾਲ ਦਿੱਤੇ ਜਾਣ ਦੀ ਜਾਣਕਾਰੀ ਹੈ।

