Punjab

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਲੜ ਰਹੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਗੋਲੀਆਂ ਲੱਗਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਵਿੱਚ ਗੋਲੀਆਂ ਚਲਾਉਣ ਦਾ ਇਲਜ਼ਾਮ ਇੱਕ ਮੈਡੀਕਲ ਸਟੋਰ ’ਤੇ ਲੱਗਿਆ ਹੈ। ਪਰਵਿੰਦਰ ਸਿੰਘ ਝੋਟਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਰਗਰਮੀ ਨਾਲ ਲੜਾਈ ਲੜ ਰਹੇ ਸਨ ਅਤੇ ਉਨ੍ਹਾਂ ਨੇ ਕਈ ਵਾਰ ਨਸ਼ਾ ਤਸਕਰੀ ਅਤੇ ਮੈਡੀਕਲ ਸਟੋਰਾਂ ਤੋਂ ਗੈਰਕਾਨੂੰਨੀ ਨਸ਼ੇ ਵੇਚਣ ਵਾਲਿਆਂ ਖਿਲਾਫ ਆਵਾਜ਼ ਉਠਾਈ ਸੀ।

ਇਸ ਕਤਲ ਤੋਂ ਬਾਅਦ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਜਾਣੇ-ਪਛਾਣੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਕਤਲ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ ਡਰੱਗ ਮਾਫੀਆ ਦੇ ਹੌਸਲੇ ਕਿੰਨੇ ਬੁਲੰਦ ਹੋ ਗਏ ਹਨ। ਉਨ੍ਹਾਂ ਅਨੁਸਾਰ ਇਹ ਕਤਲ ਭਗਵੰਤ ਮਾਨ ਦੀ ਅਖੌਤੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਉਜਾਗਰ ਕਰਦਾ ਹੈ। ਇਹ ਮੁਹਿੰਮ ਸਿਰਫ ਪੋਸਟਰਾਂ ਅਤੇ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ ਜਦਕਿ ਪੰਜਾਬ ਵਿੱਚ ਸਿਆਸਤਦਾਨਾਂ, ਪੁਲਿਸ ਅਤੇ ਨਸ਼ਾ ਮਾਫੀਆ ਦਾ ਗੱਠਜੋੜ ਹਾਵੀ ਹੋ ਗਿਆ ਹੈ। ਕਾਂਗਰਸ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਗਈ ਹੈ ਅਤੇ ਵਾਹਿਗੁਰੂ ਤੋਂ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਗਈ ਹੈ।

਼

ਰਾਜਾ ਵੜਿੰਗ

ਕਾਂਗਰਸ ਆਗੂ ਰਾਜਾ ਵੜਿੰਗ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਕੀਤਾ ਗਿਆ ਕਤਲ ਭਗਵੰਤ ਮਾਨ ਸਰਕਾਰ ਦੀ ਅਸਫਲ ਕਾਨੂੰਨ-ਵਿਵਸਥਾ ਅਤੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੀ ਨਾਕਾਮੀ ਦਾ ਸਿੱਧਾ ਨਤੀਜਾ ਹੈ। ਪਰਵਿੰਦਰ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਈ ਸੀ ਪਰ ਆਪ ਸਰਕਾਰ ਵੱਲੋਂ ਉਨ੍ਹਾਂ ਦੇ ਉਪਰਾਲਿਆਂ ਦਾ ਕਦੇ ਵੀ ਸਮਰਥਨ ਨਹੀਂ ਕੀਤਾ ਗਿਆ। ਉਨ੍ਹਾਂ ਦਾ ਦਿਨ-ਦਿਹਾੜੇ ਹੋਇਆ ਕਤਲ ਆਪ ਸਰਕਾਰ ਦੀਆਂ ਗੰਭੀਰ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ। ਰਾਜਾ ਵੜਿੰਗ ਨੇ ਪੀੜਤ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ 2023 ਵਿੱਚ ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰੀ ਸਮੇਂ ਪਰਵਿੰਦਰ ਦੇ ਪਿਤਾ ਅਤੇ ਪਰਿਵਾਰ ਨੂੰ ਮਿਲ ਚੁੱਕੇ ਸਨ। ਉਨ੍ਹਾਂ ਵਾਹਿਗੁਰੂ ਤੋਂ ਔਖੇ ਸਮੇਂ ਵਿੱਚ ਪਰਿਵਾਰ ਨੂੰ ਹਿੰਮਤ ਬਖਸ਼ਣ ਦੀ ਅਰਦਾਸ ਕੀਤੀ।

ਸੁਨੀਲ ਜਾਖੜ

ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮਾਨਸਾ ਵਿੱਚ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਨੇ ਇੱਕ ਵਾਰ ਫਿਰ ਮਾਨ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦਾ ਸੱਚ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਦਿਨੀ ਡੀਜੀਪੀ ਨੇ ਵੀ ਮੰਨਿਆ ਸੀ ਕਿ ਪੰਜਾਬ ਵਿੱਚ ਮੈਡੀਕਲ ਨਸ਼ਾ ਵੱਧ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਫਿਰ ਇਸ ਨੂੰ ਰੋਕਣ ਲਈ ਸਰਕਾਰ ਦੇ ਕੀ ਕਦਮ ਰਹੇ ਹਨ ਅਤੇ ਕਿੰਨਾ ਮੈਡੀਕਲ ਨਸ਼ਾ ਫੜਿਆ ਗਿਆ। ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਕੀ ਮੈਡੀਕਲ ਨਸ਼ਾ ਰੋਕਣ ਦੀ ਜ਼ਿੰਮੇਵਾਰੀ ਡਰੱਗ ਇੰਸਪੈਕਟਰਾਂ ਦੀ ਨਹੀਂ ਜਾਂ ਉਨ੍ਹਾਂ ਦੀ ਡਿਊਟੀ ਸਿਰਫ ਦਿੱਲੀ ਤੋਂ ਆਏ ਧਾੜਵੀਆਂ ਲਈ ਉਗਰਾਹੀ ਕਰਨ ਤੱਕ ਹੀ ਸੀਮਤ ਰਹਿ ਗਈ ਹੈ। ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਭਾਵੇਂ ਉਹ ਕਾਗਜ਼ੀ ਮੁੱਖ ਮੰਤਰੀ ਹੀ ਹੋਣ ਪਰ ਪੰਜਾਬ ਪ੍ਰਤੀ ਜਵਾਬਦੇਹੀ ਤਾਂ ਉਨ੍ਹਾਂ ਦੀ ਹੀ ਬਣਦੀ ਹੈ।

ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਝੋਟਾ ਦਾ ਸ਼ਰੇਆਮ ਕਤਲ ਹੋਣਾ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕਤਲ, ਆਏ ਦਿਨ ਗੈਂਗਸਟਰਵਾਦ ਅਤੇ ਖੁੱਲ੍ਹੇਆਮ ਵਿਕਦੇ ਨਸ਼ੇ ਇਹ ਦਰਸਾਉਂਦੇ ਹਨ ਕਿ ਲਾਅ ਐਂਡ ਆਰਡਰ ਸਿਰਫ ਨਾਮ ਦਾ ਰਹਿ ਗਿਆ ਹੈ। ਬਦਲਾਅ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹੀ ਉਨ੍ਹਾਂ ਦਾ ਬਦਲਾਅ ਹੈ। ਕੇਵਲ ਢਿੱਲੋਂ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬੀਆਂ ’ਤੇ ਰਹਿਮ ਕਰੋ, ਅਸਤੀਫਾ ਦਿਓ ਅਤੇ ਪੰਜਾਬ ਨੂੰ ਬਖਸ਼ ਦਿਓ।

ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਨਸ਼ਾ ਤਸਕਰ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਬਾਰੇ ਜਾਣ ਕੇ ਉਨ੍ਹਾਂ ਨੂੰ ਡੂੰਘਾ ਸਦਮਾ ਲੱਗਾ ਹੈ। ਦੁੱਖ ਦੀ ਇਸ ਘੜੀ ਵਿੱਚ ਉਹ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹੇ ਹਨ। ਇਹ ਘਿਨਾਉਣਾ ਕਤਲ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਬਾਕੀ ਨਹੀਂ ਰਹੀ। ਮ੍ਰਿਤਕ ਲਗਾਤਾਰ ਨਸ਼ਿਆਂ ਦੀ ਅਲਾਮਤ ਵਿਰੁੱਧ ਆਵਾਜ਼ ਉਠਾ ਰਿਹਾ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਕਿਸੇ ਨੇ ਉਸ ਦਾ ਸਾਥ ਦਿੱਤਾ। ‘ਨਸ਼ਿਆਂ ਵਿਰੁੱਧ ਯੁੱਧ’ ਦਾ ਬਹੁਤ ਜ਼ਿਆਦਾ ਪ੍ਰਚਾਰ ਸਿਰਫ ਇੱਕ ਦਿਖਾਵਾ ਸਾਬਤ ਹੋਇਆ ਹੈ ਅਤੇ ਇਹ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਹਾਲੀਆ ਘਟਨਾਵਾਂ ਨੇ ਇਹ ਉਜਾਗਰ ਕਰ ਦਿੱਤਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਗੁਰੂ-ਦੋਖੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਲੁੱਟਣ ਅਤੇ ਆਪਣੇ ਆਪ ਨੂੰ ਅਮੀਰ ਬਣਾਉਣ ਲਈ ਸੂਬੇ ਦੇ ਸਾਧਨਾਂ ਨੂੰ ਖਤਮ ਕਰਨ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ। ਉਨ੍ਹਾਂ ਦਾ ਸੂਬੇ ਵਿੱਚ ਤੇਜ਼ੀ ਨਾਲ ਵਿਗੜ ਰਹੇ ਹਾਲਾਤਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ ਅਤੇ ਇਸੇ ਅਪਰਾਧਿਕ ਲਾਪਰਵਾਹੀ ਕਾਰਨ ਪੰਜਾਬੀ ਹਰ ਰੋਜ਼ ਮੁਸੀਬਤਾਂ ਝੱਲ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਜੰਗਲ ਰਾਜ ਦਾ ਖਾਤਮਾ ਹੋਣਾ ਬਹੁਤ ਜ਼ਰੂਰੀ ਹੈ।

ਬਿਕਰਮ ਸਿੰਘ ਮਜੀਠੀਆ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਉਸ ਲਈ ਕੀਤਾ ਗਿਆ ਜਦੋਂ ਉਹ ਆਪਣੀ ਫੇਸਬੁਕ ’ਤੇ ਲਾਈਵ ਜਾ ਕੇ ਮੌਕੇ ’ਤੇ ਚਿੱਟਾ ਵੇਚਣ ਵਾਲੇ ਅਤੇ ਖਰੀਦਣ ਵਾਲੇ ਨੂੰ ਫੜ ਰਹੇ ਸਨ। ਮੈਡੀਕਲ ਸਟੋਰ ਦੇ ਮਾਲਕ ਨੂੰ ਨਸ਼ਾ ਵੇਚਣ ਤੋਂ ਰੋਕਣ ’ਤੇ ਮਾਲਕ ਵੱਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮਾਨਸਾ ਵਿੱਚ ਨਸ਼ਿਆਂ ਖਿਲਾਫ ਲੜਨ ਵਾਲੇ ਨੂੰ ਗੋਲੀਆਂ ਮਾਰ ਕੇ ਸਦਾ ਦੀ ਨੀਂਦ ਸੁਲਾ ਦਿੱਤਾ ਗਿਆ। ਮੁੱਖ ਮੰਤਰੀ ਨੂੰ ਉਨ੍ਹਾਂ ਦੇ ਆਪਣੇ ਸਮਾਗਮਾਂ ਵਿੱਚ ਚਿੱਟੇ ਬਾਰੇ ਸਵਾਲ ਪੁੱਛੇ ਜਾ ਰਹੇ ਹਨ। ਮੋਹਨਜੀਤ ਸ਼ੇਰੋ ਹੋਵੇ ਜਾਂ ਗੁਲਜਾਰ ਸਿੰਘ, ਹਰ ਪਾਸੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਹੋ ਰਹੀ ਹੈ। ਇਸ ਸਾਲ ਹੁਣ ਤੱਕ ਪੰਜ ਪੁਲਿਸ ਮੁਲਾਜ਼ਮ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਚੁੱਕੇ ਹਨ। ਬਿਕਰਮ ਮਜੀਠੀਆ ਨੇ ਸਵਾਲ ਉਠਾਇਆ ਕਿ ਕਿਸ ਪਾਸੇ ਜਾ ਰਿਹਾ ਹੈ ਪੰਜਾਬ ਪਰ ਗੁਰੂ-ਦੋਖੀ ਦੇ ਏਜੰਟ ਇਨ੍ਹਾਂ ਆਵਾਜ਼ਾਂ ਨੂੰ ਦਬਾਉਣਾ ਚਾਹੁੰਦੇ ਹਨ। ਇਹ ਹਾਲ ਹੋ ਗਿਆ ਹੈ ਪੰਜਾਬ ਦਾ।