‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ‘ਚ ਕੋਰੋਨਾ ਦੇ ਮਾਮਲੇ ਵਧਣ ਕਾਰਣ ਪੰਜਾਬ ਸਰਕਾਰ ਨੇ ਸੂਬੇ ‘ਚ ਲਾਗੂ ਕੀਤੇ ਨਵੇਂ ਹੁਕਮਾਂ ਵਿੱਚ ਮਾਸਕ ਨਾ ਪਾਉਣ ਵਾਲੇ ਲੋਕਾਂ ‘ਤੇ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਮੱਦੇਨਜ਼ਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਕਰੀਬ 4400 ਲੋਕਾਂ ਦੀ ਕੋਵਿਡ ਜਾਂਚ ਕੀਤੀ ਹੈ। ਇਸਦੇ ਨਾਲ ਹੀ 1800 ਨੂੰ ਜੁਰਮਾਨਾ ਵੀ ਕੀਤਾ ਹੈ।
ਸੂਬੇ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਤੋਂ ਬਾਅਦ ਪੰਜਾਬ ਪੁਲਿਸ ਨੇ ਕਰੀਬ 12000 ਲੋਕਾਂ ਨੂੰ ਮੁਫਤ ਮਾਸਕ ਵੀ ਤਕਸੀਮ ਕੀਤੇ ਹਨ।
ਪੁਲਿਸ ਮੁਖੀ ਦਿਨਕਰ ਗੁਪਤਾ ਨੇ ਵੀ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕੋਵਿਡ ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਹਨ।
ਦੇਸ਼ ਭਰ ‘ਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਰਿਕਾਰਡ ਮਾਮਲੇ ਦਰਜ ਕੀਤੇ ਗਏ। 43 ਹਜ਼ਾਰ 846 ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋਏ ਹਨ। ਇਸ ਤੋਂ ਇਲਾਵਾ 197 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ 1 ਕਰੋੜ, 15 ਲੱਖ 99 ਹਜ਼ਾਰ 130 ਲੋਕ ਇਸ ਬਿਮਾਰੀ ਦੀ ਲਾਗ ਨਾਲ ਜੂਝ ਰਹੇ ਹਨ। ਹੁਣ ਤੱਕ ਇੱਕ ਲੱਖ 59 ਹਜ਼ਾਰ 755 ਲੋਕਾਂ ਦੀ ਜਾਨ ਜਾ ਚੁੱਕੀ ਹੈ।