Punjab

ਕੈਪਟਨ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ 130 ਕਰੋੜ ਰੁਪਏ ਕੀਤੇ ਮਨਜ਼ੂਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰ ਦਿੱਤੀ ਹੈ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇੱਕ ਵੀਡੀਓ ਕਾਨਫਰੰਸ ਰਾਹੀਂ ਸੂਬਾਈ ਹੜ੍ਹ ਰੋਕੂ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੜ੍ਹ ਸੰਭਾਵੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸਪੁਰਦਗੀ ਵਿੱਚ 10 ਕਰੋੜ ਰੁਪਏ ਰੱਖਣ ਦੇ ਵੀ ਹੁਕਮ ਦਿੱਤੇ ਹਨ।

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸ਼ਹਿਰੀ ਖੇਤਰਾਂ ’ਚ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਬਚਾਅ ਲਈ ਸ਼ਹਿਰੀ ਡਰੇਨਾਂ ਦੀ ਚੰਗੀ ਤਰ੍ਹਾਂ ਸਫਾਈ ਕਰਵਾਉਣ ਲਈ ਵੀ ਕਿਹਾ ਹੈ। ਜਲ ਭੰਡਾਰਾਂ ਅਤੇ ਡੈਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਮੌਜੂਦਾ ਘਟਦੇ ਪੱਧਰ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।