‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸਾਖੀ ਮੌਕੇ 12 ਅਪ੍ਰੈਲ ਤੋਂ ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾ ਰਹੇ ਸਿੱਖਾਂ ਦੇ ਜਥੇ ਵਿੱਚੋਂ 5 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 437 ਸ਼ਰਧਾਲੂਆਂ ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਸੀ। ਹਾਲਾਂਕਿ, ਜਥੇ ਵਿੱਚ ਸ਼ਾਮਿਲ ਯਾਤਰੂਆਂ ਨੂੰ ਅੱਜ ਪਾਸਪੋਰਟ ਵੰਡੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਨੂੰ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਭੇਜੀ ਗਈ ਲਿਸਟ ਵਿੱਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।