‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਚਿੱਠੀ ਲਿਖ ਕੇ ਸੀਬੀਐੱਸਈ ਪ੍ਰੀਖਿਆ ਰੱਦ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੇ ਪੇਪਰ ਲੈਣਾ ਸੁਰੱਖਿਅਤ ਨਹੀਂ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਰੋਨਾ ਲਾਗ ਦਾ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਭੀੜ-ਭਾੜ ਵਾਲੀਆਂ ਥਾਂਵਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਸੁਨਿਸ਼ਚਿਤ ਕਰਨਾ ਅਸੰਭਵ ਹੈ।
ਉਨ੍ਹਾਂ ਨੇ ਸਰਕਾਰ ਅਤੇ ਸੀਬੀਐੱਸਈ ਨੂੰ ਸਵਾਲ ਕਰਦਿਆਂ ਕਿਹਾ ਕਿ ਜੇ ਕਰੋਨਾ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਕਲਾਸ ਵਿੱਚ ਬਿਠਾ ਲੈਣ ਨਾਲ ਕੋਈ ਸੈਂਟਰ ਹੋਟਸਪੌਟ ਬਣਦਾ ਹੈ ਤਾਂ ਸਰਕਾਰ ਜਾਂ ਸੀਬੀਐੱਸਈ ਇਸ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ ਹੈ?