‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ SIT ਚੀਫ਼ ਤੋਂ ਅਸਤੀਫਾ ਭੇਜ ਦਿੱਤਾ ਹੈ। ਹਾਲਾਂਕਿ, ਹਾਲੇ ਤੱਕ ਕੈਪਟਨ ਵੱਲੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੁਰਾ ਗੋਲੀਕਾਂਡ ਵਿੱਚ ਉਨ੍ਹਾਂ ਦੀ ਜਾਂਚ ਰਿਪੋਰਟ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
10 ਅਪ੍ਰੈਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਸਨ। ਹਾਈਕੋਰਟ ਨੇ ਮਾਮਲੇ ‘ਚ ਮੁਲਜ਼ਮ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ।
ਹਾਲਾਂਕਿ, ਹਾਈਕੋਰਟ ਦੇ ਇਸ ਫੈਸਲੇ ਦੀ ਰਾਜਨੀਤਿਕ ਪਾਰਟੀਆਂ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਗਿਆ। ਸਿੱਖ ਕੌਮ ਨੂੰ ਵੀ ਹਾਈਕੋਰਟ ਦੇ ਇਸ ਫੈਸਲੇ ਤੋਂ ਕਾਫੀ ਨਿਰਾਸ਼ਾ ਹੋਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਹਾਈਕੋਰਟ ਦੇ ਇਸ ਫੈਸਲੇ ਨੂੰ ਸਰਬਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ।