Punjab

2 ਸੀਟਾਂ ਦੇ ਦਮ ‘ਤੇ BJP ਕਿਹੜੇ ਮੂੰਹ ਨਾਲ ਕਰ ਰਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਦਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪਾਰਟੀ ਨੇ ਪੰਜਾਬ ਨੂੰ ਮੁੱਖ ਮੰਤਰੀ ਲਈ ਦਲਿਤ ਭਾਈਚਾਰੇ ਦਾ ਚਿਹਰਾ ਦੇਣ ਦਾ ਐਲਾਨ ਕੀਤਾ ਹੈ। ਬੀਜੇਪੀ ਨੇ ਕਿਹਾ ਕਿ ਪੰਜਾਬ ਵਿੱਚ ਸਾਡੇ ਮੁੱਖ ਮੰਤਰੀ ਦਾ ਚਿਹਰਾ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ। ਬੀਜੇਪੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਬਣਨ ‘ਤੇ ਦਲਿਤ ਸਮਾਜ ਵਿੱਚੋਂ ਡਿਪਟੀ ਮੁੱਖ ਮੰਤਰੀ ਬਣਾਉਣ ਵਾਲੇ ਬਿਆਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਲਿਤ ਭਾਈਚਾਰੇ ਨੂੰ ਉਪ ਮੁੱਖ ਮੰਤਰੀ ਕਿਉਂ, ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਪੰਜਾਬ ਵਿੱਚ 32-33 ਫੀਸਦੀ ਦੇ ਕਰੀਬ ਵੋਟ ਦਲਿਤ ਭਾਈਚਾਰੇ ਦਾ ਹੈ, ਜੋ ਕਿ ਬਾਕੀ ਸੂਬਿਆਂ ਨਾਲੋਂ ਸਭ ਤੋਂ ਜ਼ਿਆਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕਰਦਿਆਂ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸੂਬੇ ਦਾ ਡਿਪਟੀ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਦੋਆਬੇ ਵਿੱਚ ਯੂਨੀਵਰਸਿਟੀ ਵੀ ਬਣਾਈ ਜਾਵੇਗੀ। ਸੁਖਬੀਰ ਬਾਦਲ ਅੱਜ ਜਲੰਧਰ ‘ਚ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ।