‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਮ ਨੌਮੀ ਮੌਕੇ 21 ਅਪਰੈਲ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਲੌਕਡਾਊਨ ਦੌਰਾਨ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ਜਦਕਿ ਸ਼ਹਿਰ ਵਿੱਚ ਗੈਰ-ਜ਼ਰੂਰੀ ਆਵਾਜਾਈ ਬੰਦ ਰਹੇਗੀ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਰੋਨਾ ਪ੍ਰਬੰਧਾਂ ਬਾਰੇ ਵਾਰ ਰੂਮ ਮੀਟਿੰਗ ਕੀਤੀ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਕੋਰੋਨਾ ਮਹਾਂਮਾਰੀ ਦੇ ਵਿਚਾਲੇ ਚੰਡੀਗੜ੍ਹ ਵਿੱਚ ਵੱਡੇ ਇਕੱਠ ਨੂੰ ਰੋਕਣ ਲਈ ਅੱਜ ਰਾਮਨੌਮੀ ਦੇ ਦਿਹਾੜੇ ਮੌਕੇ ਇੱਕ ਰੋਜ਼ਾ ਸੰਪੂਰਨ ਲੌਕਡਾਊਨ ਦੌਰਾਨ ਪੁਲਿਸ ਮੁਲਾਜ਼ਮ ਸੜਕਾਂ ‘ਤੇ ਆਉਂਦੇ ਲੋਕਾਂ ਦੇ ਪਛਾਣ ਪੱਤਰ ਚੈੱਕ ਕਰ ਰਹੇ ਹਨ।
ਮੀਟਿੰਗ ਦੌਰਾਨ ਲਏ ਗਏ ਫੈਸਲੇ
- ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ ਵਧਣ ’ਤੇ 7 ਦਿਨਾਂ ਦਾ ਲੌਕਡਾਊਨ ਲੱਗ ਸਕਦਾ ਹੈ। ਇਸ ਬਾਰੇ ਪ੍ਰਸ਼ਾਸਨਿਕ ਅਧਿਕਾਰੀ 23 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਨਗੇ।
- ਯੂਟੀ ਪ੍ਰਸ਼ਾਸਨ ਨੇ 21 ਅਪ੍ਰੈਲ ਨੂੰ ਰਾਮ ਨੌਮੀ ’ਤੇ ਸ਼ਹਿਰ ਵਿੱਚ ਲੌਕਡਾਊਨ ਲਗਾਉਣ ਦੇ ਨਾਲ ਹੀ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਅਤੇ ਸੰਪਰਕ ਸੈਂਟਰ ਬੰਦ ਰਹਿਣਗੇ।
- ਪ੍ਰਸ਼ਾਸਨ ਨੇ ਸ਼ਹਿਰ ਵਿੱਚ ਲੱਗਣ ਵਾਲੇ ਰਾਤ ਦੇ ਕਰਫਿਊ ਦੇ ਸਮੇਂ ਵਿੱਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ, ਜੋ ਹੁਣ ਰੋਜ਼ਾਨਾ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ।
- ਪਹਿਲਾਂ ਇਹ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸੀ।
- ਪ੍ਰਸ਼ਾਸਕ ਨੇ ਪੁਲਿਸ ਅਧਿਕਾਰੀਆਂ ਨੂੰ ਲੌਕਡਾਊਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਵਾਉਣ ਦੇ ਆਦੇਸ਼ ਦਿੱਤੇ।
- ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਬਾਜ਼ਾਰਾਂ ਵਿੱਚ ਸੈਨੇਟਾਈਜ਼ੇਸ਼ਨ ਕਰਨ ਦੇ ਆਦੇਸ਼ ਦਿੱਤੇ।
- ਬਦਨੌਰ ਨੇ ਸੇਵਾ ਮੁਕਤ ਹੋ ਚੁੱਕੇ ਡਾਕਟਰਾਂ ਅਤੇ ਸਿਹਤ ਕਾਮਿਆਂ ਨੂੰ ਕਰੋਨਾ ਮਹਾਮਾਰੀ ਦੌਰਾਨ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ।
- ਪ੍ਰਸ਼ਾਸਕ ਨੇ ਪੀਜੀਆਈ, ਸੈਕਟਰ-16 ਅਤੇ 32 ਹਸਪਤਾਲ ਦੇ ਅਧਿਕਾਰੀਆਂ ਨੂੰ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਅਤੇ ਸਟਾਫ ਦੀ ਕਮੀ ਪੂਰੀ ਕਰਨ ਲਈ ਟੈਕਨੀਕਲ ਸਟਾਫ਼ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ।