Punjab

ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਹੋਈਆਂ ਮੁਲਤਵੀ

‘ਦ ਖ਼ਾਲਸ ਬਿਊਰੋ :- ਪੰਜਾਬ ਯੂਨੀਵਰਸਿਟੀ ਵਿੱਚ 26 ਅਪ੍ਰੈਲ ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਨੂੰ 19 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟਰਾਂ ‘ਤੇ ਚੋਣ ਲੜ ਰਹੇ ਉਮੀਦਵਾਰਾਂ ਨੇ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਹੁਕਮ ਅਦੂਲੀ ਅਤੇ ਲੋਕਤੰਤਰ ਦਾ ਘਾਣ ਕਰਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਕਰਵਾਉਣ ਲਈ 7 ਸੈਨੇਟਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਸੀ।

ਹਾਈ ਕੋਰਟ ਨੇ 1 ਅਪ੍ਰੈਲ ਨੂੰ ਹੁਕਮ ਸੁਣਾਉਂਦਿਆਂ ਪੀ.ਯੂ. ਪ੍ਰਸ਼ਾਸਨ ਨੂੰ ਇਹ ਚੋਣਾਂ ਦੋ ਮਹੀਨੇ ਦੇ ਅੰਦਰ-ਅੰਦਰ ਕਰਵਾਉਣ ਲਈ ਕਿਹਾ ਸੀ। ਬਾਅਦ ਵਿੱਚ ਪੀ.ਯੂ. ਪ੍ਰਸ਼ਾਸਨ ਨੇ ਚੋਣਾਂ ਦਾ ਸ਼ਡਿਊਲ ਜਾਰੀ ਕਰਦਿਆਂ ਵੱਖ-ਵੱਖ ਫੈਕਲਟੀਆਂ ਦੀ ਚੋਣ 26 ਅਪ੍ਰੈਲ ਨੂੰ ਕਰਵਾਉਣੀ ਨਿਸ਼ਚਿਤ ਕਰ ਦਿੱਤੀ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਚੋਣਾਂ ਤੋਂ ਠੀਕ 48 ਘੰਟੇ ਪਹਿਲਾਂ ਪੀ.ਯੂ. ਪ੍ਰਸ਼ਾਸਨ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਚੋਣਾਂ 19 ਮਈ ਤੱਕ ਮੁਲਤਵੀ ਕਰ ਦਿੱਤੀਆਂ।