Punjab

ਪੰਜਾਬ ਦੇ ਕਰੋਨਾ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਮਿਲੇ 147 ਆਕਸੀਜਨ ਕੰਸਨਟ੍ਰੇਟਰਜ਼

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਵਿਡ ਦੇ ਮਰੀਜ਼ਾਂ ਲਈ ਆਕਸੀਜਨ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਮਾਲਵਾ ਖਿੱਤੇ ਦੇ ਸਭ ਤੋਂ ਵੱਧ ਕੋਵਿਡ ਕੇਸਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਨੂੰ 147 ਆਕਸੀਜਨ ਕੰਸਨਟ੍ਰੇਟਰਜ਼ ਪ੍ਰਦਾਨ ਕੀਤੇ ਹਨ। ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਸੂਬੇ ਵਿੱਚ ਆਕਸੀਜਨ ਦੀ ਲੋੜ ਸਬੰਧੀ 104 ਹੈਲਪਲਾਈਨ ਨੰਬਰ 24  ਘੰਟਿਆਂ ਲਈ ਕਾਰਜਸ਼ੀਲ ਬਣਾਉਣ ਦੀ ਹਦਾਇਤੀ ਦਿੱਤੀ ਹੈ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਸਿਹਤ ਸਬੰਧੀ ਸੰਕਟਕਾਲੀ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਗ਼ੈਰ-ਜ਼ਰੂਰੀ ਆਪ੍ਰੇਸ਼ਨ ਅਤੇ ਆਕਸੀਜਨ ਦੀ ਖਪਤ ਕਰਨ ਵਾਲੀਆਂ ਹੋਰ ਸਨਅਤੀ ਗਤੀਵਿਧੀਆਂ ਨੂੰ ਤੁਰੰਤ ਰੋਕਿਆ ਜਾਵੇ।

ਮਾਲਵਾ ਖਿੱਤੇ ਦੇ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨਾਲ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਵਿਨੀ ਮਹਾਜਨ ਨੇ ਸਿਹਤ ਸਹੂਲਤਾਂ ਲਈ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਆਦੇਸ਼ ਦਿੱਤੇ।

ਉਹਨਾਂ ਨੇ ਮੈਡੀਕਲ ਆਕਸੀਜਨ ਦੀ ਜ਼ਖ਼ੀਰੇਬਾਜ਼ੀ ਅਤੇ ਸਪਲਾਈ ਵਿੱਚ ਕੁਤਾਹੀ ਕਰਨ ਵਿਰੁੱਧ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮਹਾਜਨ ਨੇ ਪ੍ਰਤੀ ਦਿਨ 50,000 ਤੋਂ ਵੱਧ ਕੋਵਿਡ ਟੈਸਟਿੰਗ ਕਰਨ ਦੀ ਰਫਤਾਰ ’ਤੇ ਤਸੱਲੀ ਜ਼ਾਹਿਰ ਕਰਦਿਆਂ ਸਿਹਤ ਵਿਭਾਗ ਨੂੰ ਕਿਹਾ ਕਿ ਆਰ.ਟੀ.ਪੀ.ਸੀ.ਆਰ ਟੈਸਟਿੰਗ ਦੀ ਗਤੀ ਨੂੰ ਜਾਰੀ ਰੱਖਿਆ ਜਾਵੇ ਅਤੇ ਆਰ.ਏ.ਟੀ ਟੈਸਟਿੰਗ ਨੂੰ ਹੋਰ ਵਧਾਇਆ ਜਾਵੇ ਅਤੇ ਘਰ ਵਿੱਚ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਵੇ।    


ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਲਈ ਰਾਖਵੀਆਂ ਰੱਖੀਆਂ ਸਾਰੀਆਂ ਐਂਬੂਲੈਂਸਾਂ ਆਕਸੀਜਨ ਸਿਲੰਡਰਾਂ ਨਾਲ ਲੈਸ ਹੋਣੀਆਂ ਚਾਹੀਦੀਆਂ ਹਨ ਅਤੇ ਪੈਰਾ-ਮੈਡੀਕਲ ਸਟਾਫ ਨੂੰ ਲਾਜ਼ਮੀ ਤੌਰ ‘ਤੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਵਾਇਰਸ ਤੋਂ ਸੰਕਰਮਿਤ ਵਿਅਕਤੀਆਂ ਨੂੰ ਐਮਰਜੈਂਸੀ ਸਪੋਰਟ ਵਹੀਕਲ ਰਾਹੀਂ ਬਿਹਤਰੀਨ ਦੇਖਭਾਲ ਯਕੀਨੀ ਬਣਾਈ ਜਾ ਸਕੇ।