Punjab

ਕੈਪਟਨ ਨੂੰ ਆਈ ਕਿਸਾਨਾਂ ਦੀ ਯਾਦ, ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿੱਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਵੇਚੀ ਗਈ ਜਿਣਸ ਦੇ ਕਰੀਬ 2900 ਕਰੋੜ ਦੇ ਬਕਾਏ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਵੀ ਸੂਬਾ ਭਰ ਦੀਆਂ ਮੰਡੀਆਂ ਵਿੱਚ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਖਰੀਦ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਉੱਚ-ਪੱਧਰੀ ਮੀਟਿੰਗ ਕਰਕੇ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਬਾਰੇ ਪ੍ਰਗਤੀ ਦਾ ਜਾਇਜ਼ਾ ਲਿਆ।

ਕੈਪਟਨ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਭਾਰਤ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ਉੱਤੇ ਕਿਸਾਨਾਂ ਦੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਹੁੰਚੀ 86.74 ਲੱਖ ਮੀਟਰਕ ਟਨ ਵਿੱਚੋਂ 84.18 ਲੱਖ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਮੰਡੀਆਂ ਵਿੱਚ ਪਈ ਕਣਕ ਨੂੰ ਵੀ ਤੁਰੰਤ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਵੀ ਮੰਡੀਆਂ ਵਿੱਚ ਜਮ੍ਹਾ ਹੋਏ 46 ਲੱਖ ਮੀਟਰਕ ਟਨ ਕਣਕ ਦੇ ਸਟਾਕ ਨੂੰ ਤੁਰੰਤ ਚੁੱਕਣ ਲਈ ਕਿਹਾ ਹੈ।

ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿੱਚ ‘ਕਿਸਾਨ ਸਹਾਇਤਾ ਡੈਸਕ’ ਸਥਾਪਤ ਕੀਤੇ ਹਨ, ਜਿੱਥੇ ਆਈਟੀ ਪੇਸ਼ੇਵਾਰ ਅਤੇ ਬੋਰਡ ਦੇ ਮੁਲਾਜ਼ਮ ਨਵੇਂ ਪੋਰਟਲ ਉੱਤੇ ਰਜਿਸਟਰ ਹੋਣ ਲਈ ਕਿਸਾਨਾਂ ਦੀ ਮਦਦ ਕਰ ਰਹੇ ਹਨ ਤਾਂ ਕਿ ਸਿੱਧੀ ਅਦਾਇਗੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ।