Punjab

ਚੰਡੀਗੜ੍ਹ ਵਿੱਚ ਕਰੋਨਾ ਦਾ ਕਹਿਰ, ਮਰੀਜ਼ ਦਾਖਲ ਕਰਵਾਉਣ ਲਈ ਨਹੀਂ ਮਿਲ ਰਿਹਾ ਬੈੱਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਘੱਟ ਗਈ ਹੈ, ਜੋ ਕਿ ਕਰੋਨਾ ਮਹਾਂਮਾਰੀ ਦੌਰਾਨ ਵੱਧ ਰਹੇ ਕੇਸਾਂ ਦੌਰਾਨ ਕਾਫੀ ਚਿੰਤਾਜਨਕ ਹੈ। ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਤਾਂ ਲਗਭਗ ਸਾਰੇ ਬੈੱਡ ਭਰ ਚੁੱਕੇ ਹਨ ਜਦਕਿ ਪੀਜੀਆਈ ਸਮੇਤ ਹੋਰਨਾਂ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਮੁਤਾਬਕ ਬੈੱਡਾਂ ਦੀ ਗਿਣਤੀ ਨਾ-ਮਾਤਰ ਹੀ ਰਹਿ ਗਈ ਹੈ।

ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਕੰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਲੋਕਾਂ ਨੇ ਹਾਲੇ ਵੀ ਦੋ-ਚਾਰ ਦਿਨਾਂ ਵਿੱਚ ਕੋਵਿਡ-19 ਮਹਾਂਮਾਰੀ ਨੂੰ ਗੰਭੀਰਤਾ ਨਾ ਲਿਆ ਤਾਂ ਹਸਪਤਾਲਾਂ ਵਿੱਚ ਬੈੱਡ ਮਿਲਣੇ ਬਿਲਕੁਲ ਬੰਦ ਹੋ ਜਾਣਗੇ ਅਤੇ ਹਾਲਾਤ ਬਦ ਤੋਂ ਬਦਤਰ ਹੋ ਜਾਣਗੇ।

ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਲੋਕਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਰੋਨਾ ਦੇ ਲੱਛਣ ਦਿਖਾਈ ਦੇਣ ’ਤੇ ਇਕਦਮ ਹਸਪਤਾਲਾਂ ਵੱਲ ਨਾ ਭੱਜਣ। ਪੀ.ਜੀ.ਆਈ. ਵਿੱਚ ਆਕਸੀਜਨ ਦੀ ਕਮੀ ਨਹੀਂ ਹੈ ਪਰ ਗੰਭੀਰ ਕਿਸਮ ਦੇ ਮਰੀਜ਼ਾਂ ਨੂੰ ਹੀ ਪੀ.ਜੀ.ਆਈ. ਆਉਣਾ ਚਾਹੀਦਾ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਸ਼ਹਿਰ ਵਿੱਚ ਹਸਪਤਾਲਾਂ ਵਿੱਚ ਬੈੱਡਾਂ ਦਾ ਵੇਰਵਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਅਪਲੋਡ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਈਕੋਰਟ ਦੇ ਆਦੇਸ਼ ’ਤੇ ਹਸਪਤਾਲਾਂ ਦੇ ਸਾਰੇ ਬੈੱਡਾਂ ਦੀ ਜਾਣਕਾਰੀ ਪ੍ਰਸ਼ਾਸਨ ਦੀ ਵੈੱਬਸਾਈਟ ਤੋਂ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।