Punjab

ਚੰਡੀਗੜ੍ਹ ਦੇ ਵਪਾਰ ਮੰਡਲ ਨੂੰ ਨਹੀਂ ਮਨਜ਼ੂਰ ਯੂ.ਟੀ. ਪ੍ਰਸ਼ਾਸਨ ਦਾ ਇਹ ਫੈਸਲਾ

‘ਦ ਖ਼ਾਲਸ ਬਿਊਰੋ :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਖਤੀ ਵਧਾਉਂਦਿਆਂ ਗੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਪਰ ਚੰਡੀਗੜ੍ਹ ਵਪਾਰ ਮੰਡਲ ਨੇ ਕਰੋਨਾ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਦੌਰਾਨ ਦੁਕਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ। ਵਪਾਰ ਮੰਡਲ ਦੇ ਪ੍ਰਧਾਨ ਚਰਨਜੀਵ ਸਿੰਘ ਨੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਤੋਂ ਦੁਕਾਨਾਂ ’ਤੇ ਲਗਾਈਆਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚਲੇ ਬੈਂਕ ਅਤੇ ਹੋਰ ਸੰਸਥਾਵਾਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖੋਲ੍ਹੇ ਜਾ ਰਹੇ ਹਨ ਤਾਂ ਗੈਰ-ਜ਼ਰੂਰੀ ਵਸਤੂਆਂ ਵਿੱਚ ਗਿਣੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਬੰਦ ਹੋਣ ਕਰਕੇ ਵਪਾਰੀ ਅਤੇ ਕੰਮ ਕਰਨ ਵਾਲੇ ਵਿਅਕਤੀ ਘਰ ਬੈਠੇ ਹਨ। ਕੰਮ ਨਾ ਹੋਣ ਕਰਕੇ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਵਪਾਰੀਆਂ ਨੂੰ ਆਪਣੇ ਸਟਾਫ਼ ਨੂੰ ਤਨਖਾਹ ਦੇਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਚੰਡੀਗੜ੍ਹ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ 7 ਦਿਨਾਂ ਲਈ ਸਖ਼ਤੀ ਹੋਰ ਵਧਾ ਦਿੱਤੀ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹਾਲਾਂਕਿ, ਸ਼ਰਾਬ ਕਾਰੋਬਾਰੀਆਂ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਨੇ ਪੰਜਾਬ ਦੀ ਤਰਜ਼ ’ਤੇ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਸੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਨੂੰ ਨਕਾਰ ਦਿੱਤਾ।