‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਦਾਕਾਰ ਅਮਿਤਾਭ ਬੱਚਨ ਵੱਲੋਂ ਲਏ ਗਏ 2 ਕਰੋੜ ਰੁਪਏ ਨੂੰ ਲੈ ਕੇ ਕਾਫੀ ਵਿਵਾਦ ਛਿੜਿਆ ਹੋਇਆ ਹੈ ਅਤੇ ਵੱਖ-ਵੱਖ ਪੰਥਕ ਧਿਰਾਂ, ਸਿਆਸੀ ਧਿਰਾਂ ਵੱਲੋਂ ਸਿਰਸਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼ਹੀਦ ਭਾਈ ਕੇਹਰ ਸਿੰਘ ਦੇ ਪੁੱਤਰ ਚਰਨਜੀਤ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਸਬੰਧੀ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਪੱਤਰ ਲਿਖ ਕੇ ਅਮਿਤਾਭ ਬੱਚਨ ਦੇ ਨਾਂ ‘ਤੇ ਮਨੁੱਖਤਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਚਰਨਜੀਤ ਸਿੰਘ ਨੇ ਪੱਤਰ ਵਿੱਚ ਕਿਹਾ ਹੈ ਕਿ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕਰੋਨਾ ਕਾਲ ਵਿੱਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਲਾ-ਮਿਸਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਹਨਾਂ ਸੇਵਾਵਾਂ ਤੋਂ ਕਮੇਟੀ ਦੇ ਵਿਰੋਧੀ ਖਾਸ ਤੌਰ ‘ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਪਤਾ ਨਹੀਂ ਕਿਸ ਗੱਲ ਤੋਂ ਔਖੇ ਹਨ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਵੱਲੋਂ ਜਾਣ ਬੁੱਝ ਕੇ ਇਹਨਾਂ ਸੇਵਾਵਾਂ ਵਿੱਤ ਵਿਘਨ ਪਾਇਆ ਜਾ ਰਿਹਾ ਹੈ ਅਤੇ ਅਮਿਤਾਭ ਬੱਚਨ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਕਰੋਨਾ ਕੇਅਰ ਸੈਂਟਰ ਵਾਸਤੇ ਦਿੱਤੇ 2 ਕਰੋੜ ਰੁਪਏ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਅਮਿਤਾਭ ਬੱਚਨ ਦੇ ਮਾਮਲੇ ਵਿੱਚ ਅਜਿਹਾ ਬਿਆਨ ਨਹੀਂ ਆਇਆ ਸੀ। ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ‘ਤੇ ਲਾਏ ਗਏ ਦੋਸ਼ ਬੇ-ਬੁਨਿਆਦ ਹਨ ਕਿਉਂਕਿ ਅਮਿਤਾਭ ਬੱਚਨ ਨੇ ਭੇਟਾ ਆਨ ਲਾਈਨ ਭੇਜੀ ਹੈ ਅਤੇ ਗੁਰੂ ਘਰ ਵਿੱਚ ਕੋਈ ਵੀ ਤਨ, ਮਨ, ਧਨ ਨਾਲ ਸੇਵਾ ਵਿੱਚ ਯੋਗਦਾਨ ਪਾ ਸਕਦਾ ਹੈ।