International Punjab

ਬੀਬੀ ਜਗੀਰ ਕੌਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਹੁਣ ਕਿਸ ਮੁਲਕ ਨੂੰ ਪਾਈ ਫਿਟਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਕੇ. ਦੇ ਇੱਕ ਸਕੂਲ ਵਿੱਚ ਇੱਕ ਸਿੱਖ ਬੱਚੇ ਦੇ ਜ਼ਬਰੀ ਕੇਸ ਕੱਟਣ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੱਕੇਸ਼ਾਹੀ ਹੈ ਅਤੇ ਧਾਰਮਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਅਤੇ ਯੂਕੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਦੇ ਸਾਡੀ ਕ੍ਰਿਪਾਨ ‘ਤੇ ਹਮਲਾ ਕੀਤਾ ਜਾਂਦਾ ਹੈ, ਕਦੇ ਕੇਸਾਂ ‘ਤੇ, ਕਦੇ ਸਾਡੇ ਸਿੱਖੀ ਸਰੂਪ ‘ਤੇ, ਸਾਡੇ ਆਚਰਣ ‘ਤੇ ਹਮਲਾ ਕੀਤਾ ਜਾਂਦਾ ਹੈ। ਇਹ ਸਾਡੇ ਸਿਧਾਂਤਾਂ ‘ਤੇ ਹਮਲਾ ਹੈ। ਬੀਬੀ ਜਗੀਰ ਕੌਰ ਨੇ ਸਾਰੀਆਂ ਸਰਕਾਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਕੋਈ ਵੀ ਘੱਟ-ਗਿਣਤੀਆਂ ਵਾਲੇ ਜਾਂ ਕਿਸੇ ਵੀ ਧਰਮ ਦੇ ਲੋਕਾਂ ਦੀ ਜ਼ਿੰਦਗੀ ਸੁਰੱਖਿਅਤ ਹੋਣੀ ਚਾਹੀਦੀ ਹੈ, ਉਨ੍ਹਾਂ ਦੇ ਧਾਰਮਿਕ ਚਿੰਨ੍ਹ ਸੁਰੱਖਿਅਤ ਹੋਣੇ ਚਾਹੀਦੇ ਹਨ। ਕਿਸੇ ਉੱਤੇ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ।

ਦਰਅਸਲ, ਯੂਕੇ ਦੇ ਦੱਖਣੀ ਲੰਡਨ ਦੇ ਇੱਕ ਸਕੂਲ ਵਿੱਚ ਇੱਕ 5 ਸਾਲਾ ਸਿੱਖ ਵਿਦਿਆਰਥੀ ਦੇ ਕੇਸ ਜ਼ਬਰਦਸਤੀ ਕੱਟੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਲਈ ਬੀਬੀ ਜਗੀਰ ਕੌਰ ਨੇ ਯੂਕੇ ਵਿੱਚ ਇੱਕ ਸਿੱਖ ਸੰਸਥਾ ਨੂੰ ਇਸ ਮਸਲੇ ਬਾਰੇ ਜਾਂਚ ਕਰਨ ਲਈ ਅਪੀਲ ਕੀਤੀ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।