Punjab

ਅੰਮ੍ਰਿਤਸਰ ‘ਚ 300 ਥਾਂਵਾਂ ‘ਤੇ ਮੋਦੀ ਸਰਕਾਰ ਖਿਲਾਫ ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਕਿਸਾਨੀ ਅੰਦੋਲਨ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 300 ਤੋਂ ਵੱਧ ਥਾਂਵਾਂ ’ਤੇ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ। ਕਿਸਾਨਾਂ ਵੱਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਆਪਣੇ ਘਰਾਂ ’ਤੇ ਕਾਲੇ ਝੰਡੇ ਲਾਏ ਗਏ ਹਨ। ਵਾਹਨਾਂ ’ਤੇ ਵੀ ਕਾਲੇ ਝੰਡੇ ਬੰਨ੍ਹੇ ਗਏ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਨੂੰ ਛੇ ਮਹੀਨੇ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਲਈ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।