‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਵਿੱਚ ਹੋਏ ਸਿੱਖ ਕਤਲੇਆਮ, ਜਿਸਨੂੰ ਤੀਜਾ ਘੱਲੂਘਾਰਾ ਵੀ ਕਿਹਾ ਜਾਂਦਾ ਹੈ, ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚਿਆਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।
ਅਖੰਡ ਪਾਠ ਦਾ ਭੋਗ 6 ਜੂਨ ਨੂੰ ਪਵੇਗਾ ਅਤੇ ਉਸ ਤੋਂ ਉਪਰੰਤ ਅਗਲੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੌਜੂਦ ਰਹੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ 6 ਜੂਨ ਨੂੰ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਦੀ ਅਪੀਲ ਕੀਤੀ।
Comments are closed.