Punjab

6 ਜੂਨ ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਥੇਦਾਰ ਦਾ ਖਾਸ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਸਾਰੀ ਸਿੱਖ ਸੰਗਤ ਨੂੰ ਜੂਨ 1984 ਦਾ ਘੱਲੂਘਾਰਾ ਵੱਧ ਤੋਂ ਵੱਧ ਮਨਾਉਣ, ਆਪਣੇ ਘਰਾਂ ਵਿੱਚ ਰਹਿ ਕੇ 1984 ਕਤਲੇਆਮ ਵਿੱਚ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਪੀੜ ਸਿੱਖਾਂ ਲਈ ਅਸਹਿ ਅਤੇ ਅਕਹਿ ਹੈ। 1984 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਇਆ ਹਮਲਾ 37 ਹੋਰ  ਗੁਰਧਾਮਾਂ ‘ਤੇ ਵੀ ਹਮਲਾ ਸੀ।

ਜਥੇਦਾਰ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਪੀੜ ਸਿੱਖਾਂ ਲਈ ਅਸਹਿ ਅਤੇ ਅਕਹਿ ਹੈ। ਕੌਮ ਨੇ ਦੋ ਘੱਲੂਘਾਰੇ ਪਹਿਲਾਂ ਵੀ ਆਪਣੇ ਪਿੰਡੇ ‘ਤੇ ਹੰਢਾਏ ਹਨ। ਜੂਨ 1984 ਨੂੰ ਉਸ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕੀਤਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਉੱਤੇ ਗੋਲੀਆਂ ਚਲਾਈਆਂ। ਉਦੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਆਈਆਂ ਸਿੱਖ ਸੰਗਤਾਂ ਨੂੰ ਵੀ ਬਹੁਤ ਬੁਰੀ ਤਰ੍ਹਾਂ ਗੋਲੀਆਂ ਦੇ ਨਾਲ ਭੁੰਨਿਆ ਗਿਆ। ਭਾਰਤੀ ਫੌਜ ਨੇ ਬਹੁਤ ਹੀ ਕਰੂਰਤਾ ਦੇ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਈ ਸੰਗਤ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ। ਹਰ ਸਾਲ ਅਸੀਂ ਉਸ ਸਮੇਂ ਦੀ ਪੀੜ ਦੇ ਅਹਿਸਾਸ ਨੂੰ ਮਹਿਸੂਸ ਕਰਦੇ ਹਾਂ। 6 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਮਨਾਇਆ ਜਾਵੇਗਾ ਅਤੇ ਜਥੇਦਾਰ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ।