Punjab

ਪੰਜਾਬ ਦੇ ਸਿਹਤ ਮੰਤਰੀ ਦੇ ਘਰ ਦੇ ਬਾਹਰ ਅੱਜ ਲੱਗੇਗਾ ਵੱਡਾ ਸਿਆਸੀ ਮੇਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਵਿੱਚ ਸਥਿਤ ਰਿਹਾਇਸ਼ ਦੇ ਅੱਗੇ ਧਰਨਾ ਦਿੱਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਲੱਗੇਗਾ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ‘ਤੇ ਕਰੋਨਾ ਵੈਕਸੀਨ ਦੀ ਵੇਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਸਸਤੀ ਕੀਮਤ ‘ਤੇ ਕਰੋਨਾ ਵੈਕਸੀਨ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਕੀਮਤ ‘ਤੇ ਲਗਾ ਰਹੀ ਹੈ। ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਵੀ ਇਸੇ ਮੁੱਦੇ ‘ਤੇ ਮੁਹਾਲੀ ਵਿੱਚ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਗਿਆ ਸੀ।