‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਕਿਸਾਨਾਂ ਵੱਲੋਂ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਖੇਤੀ ਕਾਨੂੰਨਾਂ ਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਪੰਜਵੀਂ ਵਾਰ ਸੰਸਦ ਵਿੱਚ ‘ਕੰਮ ਰੋਕੋ ਮਤਾ’ ਪੇਸ਼ ਕਰਕੇ ਤਿੰਨੇਂ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਹਨ। ਇਸ ਲਈ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਪਹਿਲ ਹੋਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਉਹ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਮੌਸਮ ਜਿਵੇਂ ਮਰਜ਼ੀ ਦਾ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਅਤੇ ਕਿਸਾਨੀ ਅੰਦੋਲਨ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿੱਚ ਸਿਰਫ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਵਿਚਾਰ-ਵਟਾਂਦਰੇ ਹੋਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣੀਆਂ ਚਾਹੀਦੀਆਂ ਹਨ।