Punjab

ਸੈਣੀ ਦੀ ਧੌਣ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਅਤੇ ਲਗਾਤਾਰ ਵਿਵਾਦਾਂ ਵਿੱਚ ਘਿਰੇ ਸੁਮੇਧ ਸਿੰਘ ਸੈਣੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਅਗਾਊਂ ਜ਼ਮਾਨਤ ਲੈਣ ਲਈ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਸੁਮੇਧ ਸੈਣੀ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ।

ਵੱਖ-ਵੱਖ ਕੇਸਾਂ ਵਿੱਚ ਅਦਾਲਤ ਦੀ ਸੁਣਵਾਈ ਦਾ ਸਾਹਮਣਾ ਕਰ ਰਹੇ ਸਾਬਕਾ ਸੈਣੀ ਨੇ ਵਿਜੀਲੈਂਸ ਵੱਲੋਂ 2 ਅਗਸਤ  ਨੂੰ ਦਰਜ ਕੀਤੇ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਪੁੱਛਗਿੱਛ ਜ਼ਰੂਰੀ ਹੈ ਜਿਸ ਵਾਸਤੇ ਅਗਾਊਂ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ। ਵਰਨਣਯੋਗ ਹੈ ਕਿ ਵਿਜੀਲੈਂਸ ਵੱਲੋਂ ਕੁੱਝ ਦਿਨ ਪਹਿਲਾ ਸੈਣੀ ਦੀ ਗ੍ਰਿਫਤਾਰੀ ਲਈ ਉਸ ਦੀ ਕੋਠੀ ਉੱਤੇ ਛਾਪੇਮਾਰੀ ਕੀਤੀ ਗਈ ਸੀ ਪਰ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉੱਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਸੁਮੇਧ ਸਿੰਘ ਸੈਣੀ ਗ੍ਰਿਫਤਾਰੀ ਤੋਂ ਲਗਾਤਾਰ ਬਚਦੇ ਆ ਰਹੇ ਹਨ। ਉਨ੍ਹਾਂ ਦੇ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਦਾ ਕੇਸ ਵੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਤੋਂ ਬਿਨਾਂ ਫ਼ਰੀਦਕੋਟ ਗੋਲੀਕਾਂਡ ਵਿੱਚ ਵੀ ਉਨ੍ਹਾਂ ਦਾ ਨਾਂ ਵੱਜਦਾ ਹੈ।