Punjab

ਫਿਰ ਸੁਣੋ ਕੈਪਟਨ ਦੇ “ਵੱਡੇ” ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ। ਤਿਰੰਗਾ ਲਹਿਰਾਉਣ ਦੀ ਰਸਮ ਤੋਂ ਬਾਅਦ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਭਾਸ਼ਣ ਦਿੱਤਾ। ਇਸ ਵਾਰ ਫਿਰ ਕੈਪਟਨ ਨੇ ਪੰਜਾਬੀਆਂ ਨੂੰ ਕਈ ਵੱਡੇ-ਵੱਡੇ ਵਾਅਦੇ ਕੀਤੇ। ਇਸ ਵਾਰ ਕੈਪਟਨ ਨੇ ਪੰਜਾਬੀਆਂ ਨੂੰ ਕੀ ਵਾਅਦੇ ਕੀਤੇ ਹਨ, ਉਹ ਤੁਸੀਂ ਇੱਥੇ ਪੜ੍ਹ ਸਕਦੇ ਹੋ।

  • ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਹੈ।
  • ਛੇਤੀ ਹੀ ਇੱਕ ਐਕਟ ਨੋਟੀਫਾਈ ਕੀਤਾ ਜਾਵੇਗਾ, ਜਿਸ ਤਹਿਤ ਸੂਬੇ ਦੀ ਅਨੁਸੂਚਿਤ ਜਾਤੀ ਆਬਾਦੀ ਦੀ ਪ੍ਰਤੀਸ਼ਤਤਾ ਦੇ ਬਰਾਬਰ ਦਲਿਤ ਭਲਾਈ ਵਾਸਤੇ ਬਜਟ ਵਿੱਚੋਂ ਖਰਚ ਕਰਨਾ ਲਾਜ਼ਮੀ ਹੋਵੇਗਾ ਅਤੇ 85ਵੀਂ ਸੰਵਿਧਾਨਕ ਸੋਧ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ।
  • ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਲਈ 1 ਹਜ਼ਾਰ 150 ਵਿਆਪਕ ਸੁਧਾਰਾਂ ਦਾ ਐਲਾਨ ਕੀਤਾ ਗਿਆ।
  • ਕੁੱਝ ਮਹਿੰਗੇ ਡਾਕਟਰੀ ਇਲਾਜ ਅਤੇ ਡਾਇਲਸਿਸ, ਐਕਸਰੇ ਆਦਿ ਵਰਗੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ।
  • ਛੇਤੀ ਹੀ ਇੱਕ ਵਿਆਪਕ ਸਿਹਤ ਬੀਮਾ ਸ਼ੁਰੂ ਕੀਤਾ ਜਾਵੇਗਾ।
  • ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਸਾਰੇ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ।
  • ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਹੀਨਾਵਾਰ ਮਾਣ ਭੱਤੇ ਵਿੱਚ ਕ੍ਰਮਵਾਰ 600, 500 ਅਤੇ 300 ਰੁਪਏ ਦਾ ਵਾਧਾ ਕੀਤਾ ਜਾਵੇਗਾ।
  • ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ 1 ਹਜ਼ਾਰ 170 ਕਰੋੜ ਰੁਪਏ ਖਰਚ ਕੀਤੇ ਜਾਣਗੇ।
  • 20 ਅਗਸਤ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ ਮੌਕੇ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਵੇਗੀ।
  • ਐੱਸ.ਸੀ.ਅਤੇ ਬੀ.ਸੀ. ਕਾਰਪੋਰੇਸ਼ਨ ਦੇ ਲਗਭਗ 16,000 ਲਾਭਪਾਤਰੀਆਂ ਨੂੰ ਜਲਦ ਹੀ 62 ਕਰੋੜ ਰੁਪਏ ਦੀ ਲਾਗਤ ਨਾਲ 50,000 ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ।
  • ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਜ਼ਦੀਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ।
  • ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਵਿੱਚ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ।
  • ਜਿਨ੍ਹਾਂ ਬੰਦਿਆਂ ਨੇ ਕਾਲਾਪਾਣੀ ਦੀਆਂ ਜੇਲ੍ਹਾਂ ਕੱਟ ਕੇ ਆਪਣੀਆਂ ਜਾਨਾਂ ਦਿੱਤੀਆਂ, ਉਨ੍ਹਾਂ ਦੀ ਯਾਦ ਵਿੱਚ ਇੱਕ ਮੈਮੋਰੀਅਲ ਬਣਾਇਆ ਜਾਵੇਗਾ, ਜਿੱਥੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਾਰਿਆਂ ਦੇ ਨਾਂ ਦਰਜ ਕੀਤੇ ਜਾਣਗੇ।