Punjab

ਮੰਤਰੀ ਮੰਡਲ ਦੇ ਅਹਿਮ ਫੈਸਲੇ-ਸਰਕਾਰ ਨੇ ਪ੍ਰਾਈਵੇਟ ਕਾਰੋਬਾਰੀਆਂ ਦੇ ਸਿਰ ਸੁੱਟੀ ਉੱਚ ਸਿੱਖਿਆ ਦੀ ਜਿੰਮੇਵਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲੇ ਰਾਹੀਂ ਪਲਾਕਸ਼ਾ ਯੂਨੀਵਰਸਿਟੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁਹਾਲੀ ਜਿਲ੍ਹੇ ਵਿੱਚ ਬਣਨ ਵਾਲੀ ਇਹ ਚੌਥੀ ਪ੍ਰਾਈਵੇਟ ਯੂਨੀਵਰਸਿਟੀ ਹੈ।ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 60 ਏਕੜ ਵਿੱਚ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਸਿਟੀ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਆਨਲਾਈਨ ਬੈਠਕ ਵਿੱਚ ਲਿਆ ਗਿਆ ਹੈ।

ਸਰਕਾਰ ਦੇ ਇਸ ਮਹੱਤਵਪੂਰਣ ਫੈਸਲੇ ਨਾਲ ਲੱਗਦਾ ਹੈ ਕਿ ਸਿੱਖਿਆ ਦੀ ਜਿੰਮੇਵਾਰੀ ਪੂਰੀ ਤਰ੍ਹਾਂ ਪ੍ਰਾਈਵੇਟ ਸਿਖਿਆ ਦੇ ਕਾਰੋਬਾਰੀਆਂ ਦੇ ਸਿਰ ਉੱਤੇ ਸੁੱਟੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਹੁਣ ਗਿਣਤੀ 29 ਹੋ ਗਈ ਹੈ। ਜਦੋਂ ਕਿ ਸਰਕਾਰੀ ਯੂਨੀਵਰਸਿਟੀਆਂ ਸਿਰਫ 9 ਉੱਤੇ ਹੀ ਸਿਮਟ ਕੇ ਰਹਿ ਗਈਆਂ ਹਨ।ਹਾਲਾਂਕਿ ਇਸ ਯੂਨੀਵਰਸਿਟੀ ਨੂੰ ਅੰਤਿਮ ਪ੍ਰਵਾਨਗੀ ਵਿਧਾਨ ਸਭਾ ਦੇ ਅਗਲੇ ਸੈਸ਼ਨ ਯਾਨੀ ਕਿ ਸਿਤੰਬਰ ਵਿੱਚ ਮਿਲੇਗੀ।

ਮੰਤਰੀ ਮੰਡਲ ਨੇ ਇਕ ਹੋਰ ਫੈਸਲਾ ਕਰਦਿਆਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆ ਨੂੰ ਨਿਪਟਿਆ ਜਾ ਸਕੇ।ਮੰਤਰੀ ਮੰਡਲ ਨੇ ਕਾਨੂੰਨੀ ਮਸ਼ੀਰ ਦੇ ਖਰੜੇ ਨੂੰ ਪ੍ਰਵਾਨਗੀ ਦੇਣ ਉਪਰੰਤ ਇਸ ਨੂੰ ਅੰਤਿਮ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਜੇਲ੍ਹਾਂ ਵਿਚ ਪੈਟਰੋਲ ਪੰਪ ਸਥਾਪਤ ਕਰਨ ਲਈ ਸੀ.ਐਲ.ਯੂ. ਮੁਆਫ਼ ਕਰਨ ਦਾ ਫੈਸਲਾ
ਮੰਤਰੀ ਮੰਡਲ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਸੂਬੇ ਵਿਚ ਵੱਖ-ਵੱਖ ਜੇਲ੍ਹਾਂ ਵਿਚ 12 ਥਾਵਾਂ ਉਤੇ ਰਿਟੇਲ ਆਊਲੈੱਟ (ਪੈਟਰੋਲ, ਡੀਜ਼ਲ, ਸੀ,ਐਨ.ਜੀ. ਆਦਿ) ਦੀ ਸਥਾਪਨਾ ਕਰਨ ਲਈ ਸੀ.ਐਲ.ਯੂ. (ਜ਼ਮੀਨ ਦੀ ਵਰਤੋਂ ਦੀ ਤਬਦੀਲੀ) ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਫੈਸਲੇ ਨਾਲ ਰਿਟੇਲ ਆਊਟਲੈੱਟ ਸਥਾਪਤ ਕਰਨ ਲਈ 48,77,258 ਕਰੋੜ ਰੁਪਏ ਦਾ ਸੀ.ਐਲ.ਯੂ. ਮੁਆਫ਼ ਹੋਵੇਗਾ। ਇਹ ਰਿਟੇਲ ਆਊਟਲੈੱਟ ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਕੇਂਦਰੀ ਜੇਲ੍ਹਾਂ, ਸੰਗਰੂਰ ਅਤੇ ਰੋਪੜ ਦੀਆਂ ਜ਼ਿਲ੍ਹਾ ਜੇਲਾਂ, ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੇ ਜ਼ਿਲ੍ਹਾ ਜੇਲ੍ਹ ਅਤੇ ਫਾਜ਼ਿਲਕਾ ਦੀ ਸਬ-ਜੇਲ੍ਹ ਸ਼ਾਮਲ ਹਨ।

ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਨਵੇਂ ਬਲਾਕ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਜ਼ਿਲ੍ਹਾ ਐਸ.ਏ.ਨਗਰ ਵਿਚ ਨਵਾਂ ਬਲਾਕ ਮੁਹਾਲੀ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਬਲਾਕ ਵਿਚ ਮਾਜਰੀ ਬਲਾਕ ਤੋਂ 7 ਪੰਚਾਇਤਾਂ ਅਤੇ ਖਰੜ ਬਲਾਕ ਤੋਂ 66 ਪੰਚਾਇਤਾਂ ਸ਼ਾਮਲ ਕੀਤੀਆਂ ਜਾਣਗੀਆਂ।ਇਸ ਨਵੇਂ ਬਲਾਕ ਨਾਲ ਪੰਜਾਬ ਵਿਚ ਬਲਾਕ ਦੀ ਕੁੱਲ ਗਿਣਤੀ ਵਧ ਕੇ ਹੁਣ 153 ਹੋ ਜਾਵੇਗੀ।