‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਆਪਣੇ ਸਮਰਥਕਾਂ ਦੀਆਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਇਸ ਪਿਆਰ ਦਾ ਕੋਈ ਮੁੱਲ ਨਹੀਂ ਹੈ।
ਲੋਕਾਂ ਦਾ ਪਿਆਰ, ਸਤਿਕਾਰ ਦਾ ਕਿਸੇ ਕਰੰਸੀ ਵਿੱਚ ਕੋਈ ਮੁੱਲ ਨਹੀਂ ਹੈ। ਭਗਵੰਤ ਮਾਨ ਨੇ ਮਾਝਾ, ਮਾਲਵਾ ਅਤੇ ਦੁਆਬਾ ਦੇ ਲੋਕਾਂ ਇੰਨਾ ਪਿਆਰ ਅਤੇ ਸਤਿਕਾਰ ਦੇਣ ਲਈ ਧੰਨਵਾਦ ਕੀਤਾ ਹੈ।
ਦਰਅਸਲ, ਭਗਵੰਤ ਮਾਨ ਦੇ ਸਮਰਥਕਾਂ ਵੱਲੋਂ 2022 ਲਈ ਭਗਵੰਤ ਮਾਨ ਨੂੰ ਸੀਐੱਮ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਇਸਦੀ ਮੰਗ ਕੀਤੀ ਜਾ ਰਹੀ ਹੈ।
ਮਾਨ ਦੇ ਸਮਰਥਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਅਸੀਂ ਚਾਹੁੰਦੇ ਹਾਂ ਕਿ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਅਤੇ ਭਗਵੰਤ ਮਾਨ ਪੰਜਾਬ ਦੇ ਸੀਐੱਮ ਬਣਨ।
ਸਮਰਥਕਾਂ ਨੇ ਕਿਹਾ ਕਿ ਜੇ ਭਗਵੰਤ ਮਾਨ ਨੂੰ ਸੀਐੱਮ ਦਾ ਚਿਹਰਾ ਐਲਾਨਿਆ ਜਾਵੇਗਾ ਤਾਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਪੱਕੀ ਹੋਵੇਗੀ, ਨਹੀਂ ਤਾਂ ਆਪ ਦੀ ਜਿੱਤ ਮੁਮਕਿਨ ਨਹੀਂ ਹੈ।