‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ 21 ਸਤੰਬਰ ਤੱਕ ਪੁਲਿਸ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਅਸਲੀ ਦੋਸ਼ੀ ਦਾ ਪਤਾ ਨਾ ਲੱਗਿਆ ਤਾਂ ਖ਼ਾਲਸਾ ਪੰਥ ਆਪਣੇ ਸਿਧਾਂਤਾਂ ਮੁਤਾਬਕ ਫੈਸਲਾ ਕਰੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਬੇਅਦਬੀ ਦੇ ਪਸ਼ਚਾਤਾਪ ਨੂੰ ਲੈ ਕੇ 20 ਸਤੰਬਰ ਨੂੰ ਅਖੰਡ ਪਾਠ ਆਰੰਭ ਕਰਵਾਏ ਜਾਣਗੇ। ਉਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਧਰਨਾ ਖ਼ਤਮ ਕਰਨ ਦੀ ਵੀ ਅਪੀਲ ਕੀਤੀ ਹੈ। ਬੇਅਦਬੀ ਦੇ ਮਸਲੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਰਘੁਬੀਰ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨਾਲ ਬੈਠਕ ਕੀਤੀ ਸੀ, ਜਿਸ ਵਿੱਚ ਸੁਰਸਿੰਘ ਵਾਲੇ, ਨਿਹੰਗ ਸਿੰਘ, ਬੁੱਢਾ ਦਲ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ ਸ਼ਾਮਿਲ ਹੋਏ ਸਨ।। ਪਰ ਦੂਜੇ ਪਾਸੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਖ਼ਾਸ ਤੌਰ ‘ਤੇ ਨੌਜਵਾਨ, ਸੰਗਤ ਜਥੇਦਾਰ ਰਘੁਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਕੱਠੀ ਹੋਈ ਹੈ।
13 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਡੇਰਾ ਪ੍ਰੇਮੀ ਵੱਲੋਂ ਅੰਮ੍ਰਿਤ ਵੇਲੇ ਦਰਬਾਰ ਹਾਲ ਦੇ ਅੰਦਰ ਸਿਗਰੇਟ ਦਾ ਧੂੰਆਂ ਗੁਰੂ ਸਾਹਿਬ ਵੱਲ ਸੁੱਟਿਆ ਗਿਆ ਸੀ ਅਤੇ ਜਲਦੀ ਹੋਈ ਬੀੜੀ ਕੀਰਤਨ ਕਰ ਰਹੇ ਰਾਗੀ ਸਿੰਘਾਂ ਦੇ ਪਿੱਛੇ ਸੁੱਟੀ ਗਈ ਸੀ। ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ, ਦੋਸ਼ੀ ਪੁਲਿਸ ਦੀ ਗ੍ਰਿਫਤ ਵਿੱਚ ਹੈ।