‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ ਨੂੰ ਲੈ ਕੇ ਪਹਿਲਾਂ ਹੀ ਸੋਨੀਆ ਗਾਂਧੀ ਕੋਲ ਨਰਾਜ਼ਗੀ ਜਾਹਿਰ ਕਰ ਚੁੱਕੇ ਸਨ ਅਤੇ ਉਨ੍ਹਾਂ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਉਹ ਇਨ੍ਹਾਂ ਹਾਲਾਤਾਂ ਵਿੱਚ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਤਿਆਰ ਨਹੀਂ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਉਹ ਸਿੱਧੂ ਨੂੰ ਮੁੱਖ ਮੰਤਰੀ ਮੰਨਣ ਲਈ ਤਿਆਰ ਨਹੀਂ ਹੋਣਗੇ, ‘ਜਿਹੜਾ ਬੰਦਾ ਇੱਕ ਮਹਿਕਮਾ ਨਹੀਂ ਚਲਾ ਸਕਿਆ, ਉਹ ਪੰਜਾਬ ਨੂੰ ਕਿਵੇਂ ਚਲਾ ਲਊ। ਸਿੱਧੂ ਨੇ ਤਾਂ ਪੰਜਾਬ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ।’
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਸੀਐੱਲਪੀ ਦੀ ਮੀਟਿੰਗ ਸੱਦਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ। ਉਨ੍ਹਾਂ ਨੇ ਮਾਝਾ ਬ੍ਰਿਗੇਡ ‘ਤੇ ਵਰ੍ਹਦਿਆਂ ਕਿਹਾ ਕਿ ਜਾਂ ਤਾਂ ਇਹ ਝੂਠੇ ਹਨ ਜਾਂ ਇਨ੍ਹਾਂ ਨੂੰ ਸਿਆਸਤ ਕਰਨੀ ਨਹੀਂ ਆਉਂਦੀ। ਉਨ੍ਹਾਂ ਉੱਤੇ ਢਿੱਲੀ ਕਾਰਗੁਜ਼ਾਰੀ ਬਾਰੇ ਲੱਗਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ ਬੜਾ ਕੁੱਝ ਕੀਤਾ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੇ ਹਰ ਮੋੜ ‘ਤੇ ਕਿਸਾਨਾਂ ਦਾ ਸਾਥ ਦਿੱਤਾ ਹੈ। ਭਵਿੱਖ ਬਾਰੇ ਸੰਖੇਪ ਵਿੱਚ ਗੱਲ ਕਰਦਿਆਂ ਮੁੜ ਦੁਹਰਾਇਆ ਕਿ ਉਨ੍ਹਾਂ 72 ਸਾਲਾਂ ਦੇ ਜੀਵਨ ਦੌਰਾਨ ਅਨੇਕਾਂ ਚਾਹੁਣ ਵਾਲੇ ਹਨ ਅਤੇ ਉਹ ਸਾਰਿਆਂ ਦੇ ਨਾਲ ਸਲਾਹ ਕਰਨ ਤੋਂ ਬਾਅਦ ਕੋਈ ਅਗਲਾ ਕਦਮ ਚੁੱਕਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਿਆਸਤ ਵਿੱਚ ਬਹੁਤ ਸਾਰੀਆਂ ਆਫਰਜ਼ ਬਰਕਰਾਰ ਹੁੰਦੀਆਂ ਹਨ।