‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਸ਼ਲ ਮੀਡੀਆ ‘ਤੇ ਅਫਵਾਹ ਫੈਲਾਈ ਜਾ ਰਹੀ ਹੈ ਕਿ ਕਿਸਾਨਾਂ ਵੱਲੋਂ ਗਾਜ਼ੀਪੁਰ ਬਾਰਡਰ ਖਾਲੀ ਕੀਤਾ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਇਹ ਦਿਖਾ ਰਹੇ ਹਾਂ ਕਿ ਰਸਤਾ ਕਿਸਾਨਾਂ ਨੇ ਬੰਦ ਨਹੀਂ ਕੀਤਾ, ਦਿੱਲੀ ਪੁਲਿਸ ਨੇ ਬੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਪਾਰਲੀਮੈਂਟ ਵੱਲ ਜਾ ਰਹੇ ਹਨ। ਦਰਅਸਲ, ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੌਰਾਨ ਦਿੱਲੀ ਬਾਰਡਰਾਂ ‘ਤੇ ਰੋਕੇ ਗਏ ਰਸਤਿਆਂ ਬਾਰੇ ਟਿੱਪਣੀ ਕੀਤੀ ਹੈ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ, ਸੜਕਾਂ ਜਾਮ ਕਰਨ ਦਾ ਨਹੀਂ ਹੈ। ਰਾਹ ਬੰਦ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।