Punjab

ਡਿਪਟੀ ਸੀਐੱਮ ਨੇ ਤਿੰਨ ਪੁਲਿਸ ਮੁਲਾਜ਼ਮ ਕੀਤੇ ਮੁਅੱਤਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ‘ਤੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, ਰੰਧਾਵਾ ਨੇ ਫਿਲੌਰ ਨਾਕੇ ‘ਤੇ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਡਿਪਟੀ ਮੁੱਖ ਮੰਤਰੀ ਰੰਧਾਵਾ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਪੁਲਿਸ ਨਾਕੇ ‘ਤੇ ਡਿਊਟੀ ਦੌਰਾਨ ਢਿੱਲ ਵਰਤੀ ਗਈ ਸੀ।

ਰੰਧਾਵਾ ਵੱਲੋਂ ਜੀ.ਟੀ.ਰੋਡ ਉੱਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉੱਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ। ਰੰਧਾਵਾ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉੱਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜ਼ਿਲ੍ਹਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉੱਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।