‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਉ ਕਰਨ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 100 ਤੋਂ ਵੱਧ ਅਕਾਲੀ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਰਮੇ ਦੀ ਖ਼ਰਾਬ ਫਸਲ ਅਤੇ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ‘ਤੇ ਪੰਜਾਬ ਸਰਕਾਰ ਨੂੰ ਵੈਟ ਘਟਾਉਣ ਅਤੇ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।
ਪੁਲਿਸ ਵੱਲੋਂ ਅਕਾਲੀ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਵੀ ਹੋ ਗਏ। ਸੁਖਬੀਰ ਬਾਦਲ ਨੇ ਜ਼ਖ਼ਮੀ ਦਾ ਹਾਲ ਜਾਣਿਆ। ਸੁਖਬੀਰ ਬਾਦਲ ਵੱਲੋਂ ਜ਼ਖ਼ਮੀਆਂ ਦੀਆਂ ਫੋਟੋਆਂ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕਰਕੇ ਲਿਖਿਆ ਕਿ ਇਹ ਜਖ਼ਮ ਕਾਂਗਰਸ ਦੀ ਵਧੀਕੀ, ਧੱਕੇਸ਼ਾਹੀ ਅਤੇ ਤਸ਼ੱਦਦ ਦਾ ਪ੍ਰਤੱਖ ਪ੍ਰਮਾਣ ਹਨ। ਸਾਡੇ ਜਜ਼ਬੇ, ਹੌਂਸਲੇ ਤੇ ਸਬਰ ਵੀ ਘੱਟ ਨਹੀਂ, ਅਸੀਂ ਪੰਜਾਬ ਦੇ ਲੋਕਾਂ ਲਈ ਖੜੇ ਸੀ, ਖੜੇ ਹਾਂ ਤੇ ਖੜੇ ਰਹਾਂਗੇ।
ਸਾਬਕਾ ਮੰਤਰੀ ਤੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ, ਸਾਬਕਾ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਕਈ ਆਗੂ ਪ੍ਰਦਰਸ਼ਨ ਵਿੱਚ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਨਹੀਂ ਕੀਤਾ ਜਾਂਦਾ, ਉਦੋਂ ਤੱਕ ਚੈਨ ਨਾਲ ਨਹੀਂ ਬੈਠਿਆ ਜਾਵੇਗਾ ਅਤੇ ਸੰਘਰਸ਼ ਜਾਰੀ ਰਹੇਗਾ।