India Punjab

ਦੀਪ ਸਿੰਘ ਵਾਲਾ ਨੇ ਅਕਾਲੀ ਦਲ ਨੂੰ ਦਿੱਤੀ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਨਾ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਆਗੂ ਹਰਨੇਕ ਮਹਿਮਾ ਸਮੇਤ ਕਿਸਾਨਾਂ ਨਾਲ ਕੀਤੀ ਵਧੀਕੀ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੀ ਪ੍ਰਤੀਕਿਰਆ ਦਿੰਦਿਆਂ ਕਿਹਾ ਹੈ ਕਿ ਅੱਜ ਫਿਰੋਜ਼ਪੁਰ ਵਿੱਚ ਜੋ ਕੁੱਝ ਵੀ ਹੋਇਆ ਹੈ, ਉਹ ਸ਼ਰੇਆਮ ਗੁੰਡਾਗਰਦੀ ਹੈ। ਜੇ ਅਕਾਲੀ ਦਲ ਲੋਕਾਂ ਦੀਆਂ ਵੋਟਾਂ ਚਾਹੁੰਦਾ ਹੈ ਤਾਂ ਫਿਰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਦੇਵੇ। ਅੱਜ ਹਰਸਿਮਰਤ ਕੌਰ ਬਾਦਲ ਫਿਰੋਜ਼ਪੁਰ ਆਏ ਪਰ ਉਨ੍ਹਾਂ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਉੱਥੋਂ ਨੱਠਣ ਦੀ ਕੋਸ਼ਿਸ਼ ਕੀਤੀ ਹੈ ਅਤੇ ਜਦੋਂ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨੂੰ ਅਕਾਲੀ ਦਲ ਵੱਲੋਂ ਕੁਚਲਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਵਿੱਚ ਗੋਲੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।

ਦੀਪ ਸਿੰਘ ਵਾਲਾ ਨੇ ਕਿਹਾ ਕਿ ਅਕਾਲੀ ਦਲ ਨੇ ਫਿਰੋਜ਼ਪੁਰ ਦੇ ਪੁਲਿਸ ਪ੍ਰਸ਼ਾਸਨ ਨੂੰ ਜੋ ਦਰਖਾਸਤ ਦਿੱਤੀ ਹੈ, ਉਸ ਵਿੱਚ ਉਹ ਕਹਿ ਰਹੇ ਹਨ ਕਿ ਹਰਨੇਕ ਮਹਿਮਾ ਦੇ ਸਾਥੀਆਂ ਨੇ ਨੋਨੀ ਮਾਨ ਉੱਤੇ ਹਮਲਾ ਕੀਤਾ ਹੈ। ਇਹ ਕਿਸਾਨ ਆਗੂਆਂ ਨੂੰ ਝੂਠੇ ਕੇਸ ਵਿੱਚ ਉਲਝਾਉਣ ਦੀ ਕੋਝੀ ਕੋਸ਼ਿਸ਼ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਤਾਂ ਇਸਦਾ ਸਿੱਟਾ ਚੰਗਾ ਨਹੀਂ ਨਿਕਲੇਗਾ। ਦੀਪ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਗੁੰਡਾਗਰਦੀ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।