Punjab

ਬਰਗਾੜ੍ਹੀ ਜਾਂਚ ਮਾਮਲੇ ਵਿੱਚ ਸੀਬੀਆਈ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ-(ਪੁਨੀਤ ਕੌਰ) ਅੱਜ ਸਰਬਉੱਚ ਅਦਾਲਤ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸੰਬੰਧਿਤ ਬਰਗਾੜ੍ਹੀ ਜਾਂਚ ਮਾਮਲੇ ਵਿੱਚ ਸੀਬੀਆਈ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਸਰਬਉੱਚ ਅਦਾਲਤ ਨੇ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਅਪੀਲ ਨੂੰ ਖ਼ਾਰਿਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਮੋਹਰ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸੀਬੀਆਈ ਤੋਂ ਜਾਂਚ ਵਾਪਿਸ ਲੈਣ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤੇ ਸੀਬੀਆਈ ਨੇ ਇਸ ਨੋਟੀਫਿਕੇਸ਼ਨ ਨੂੰ ਚੈਲੇਂਜ ਕੀਤਾ ਸੀ। ਹੁਣ ਪੰਜਾਬ ਸਰਕਾਰ ਬਰਗਾੜ੍ਹੀ ਮਾਮਲੇ ਦੀ ਜਾਂਚ ਕਰੇਗੀ।

ਪੰਜਾਬ ਸਰਕਾਰ ਵੱਲੋਂ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (SIT) ਬਣਾਈ ਗਈ ਸੀ ਤੇ ਪੰਜਾਬ ਸਰਕਾਰ ਨੇ SIT ਵੱਲੋਂ ਮਾਮਲੇ ਦੀ ਜਾਂਚ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਵੀ ਪੇਸ਼ ਕੀਤਾ ਗਿਆ ਸੀ। ਪਹਿਲਾਂ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿੱਚ ਆਪਣੀ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਸੀ ਜਿਸ ਤੋਂ ਬਾਅਦ ਬਰਗਾੜ੍ਹੀ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

ਪਿਛਲੀ ਅਕਾਲੀ-ਬੀਜੇਪੀ ਸਰਕਾਰ ਨੇ ਸੀਬੀਆਈ ਨੂੰ ਬਰਗਾੜ੍ਹੀ ਜਾਂਚ ਮਾਮਲੇ ਦੀ ਜਿੰਮੇਵਾਰੀ ਸੌਂਪੀ ਸੀ। ਸੀਬੀਆਈ ਨੇ 13 ਨਵੰਬਰ,2015 ਨੂੰ ਤਿੰਨ ਵੱਖੋ-ਵੱਖਰੇ ਕੇਸ ਦਰਜ ਕੀਤੇ ਸਨ। ਬਰਗਾੜ੍ਹੀ ਦਾ ਬੇਅਦਬੀ ਮਾਮਲਾ ਇਸ ਵੇਲੇ ਪੰਜਾਬ ਸਿਆਸਤ ਦਾ ਧੁਰਾ ਬਣ ਚੁੱਕਾ ਹੈ ਤੇ ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਇਹ ਮੁੱਦਾ ਜ਼ਰੂਰ ਭਖਦਾ ਹੈ।