‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ। ਕਿਸਾਨ 29 ਨਵੰਬਰ ਟਰੈਕਟਰ ਮਾਰਚ ‘ਤੇ ਅੜੇ ਹੋਏ ਹਨ। 29 ਨਵੰਬਰ ਨੂੰ ਟਰੈਕਟਰ ਮਾਰਚ ਦੇ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ 29 ਨਵੰਬਰ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਲੀਡਰਾਂ ਨੇ ਕਿਹਾ ਕਿ ਬੇਸ਼ੱਕ ਪੀਐੱਮੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਜਦੋਂ ਤੱਕ ਇਸਨੂੰ ਕਾਨੂੰਨੀ ਰੂਪ ਵਿੱਚ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਡੇ ਪ੍ਰੋਗਰਾਮ ਜਿਉਂ ਦੇ ਤਿਉਂ ਰਹਿਣਗੇ।
ਕਿਸਾਨ ਲੀਡਰ ਡਾ.ਦਰਸ਼ਨਪਾਲ ਨੇ ਕਿਹਾ ਕਿ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਕੇ ਠੀਕ ਕੀਤਾ ਹੈ ਪਰ ਉਹ ਪਾਰਲੀਮੈਂਟ ਸੈਸ਼ਨ ਵਿੱਚ ਇਨ੍ਹਾਂ ਨੂੰ ਰੱਦ ਕਰਨ ਅਤੇ ਉਸ ਤੋਂ ਪਹਿਲਾਂ ਕੀ ਸਾਡੀਆਂ ਬਾਕੀ ਮੰਗਾਂ ਵੱਲ ਧਿਆਨ ਦਿੱਤਾ ਜਾਂਦਾ ਹੈ ਜਾਂ ਨਹੀਂ, ਭਾਵ ਜਦੋਂ ਤੱਕ ਸਾਡੀ ਸੰਤੁਸ਼ਟੀ ਨਹੀਂ ਹੋਵੇਗੀ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਜੇ ਸਿਰਫ਼ ਐਲਾਨ ਹੋਇਆ ਹੈ, ਸਾਡੀਆਂ ਮੰਗਾਂ ਬਾਕੀ ਹਨ।