Punjab

‘ਕੈਪਟਨ ਸਰਕਾਰ ਅੰਦਰ ਖੁੱਲ੍ਹੀ ਅੰਡਰਵਰਲਡ ਗੈਂਗਵਾਰ ਸ਼ੁਰੂ’

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਅੰਦਰ ਉੱਚੇ ਅਹੁਦਿਆਂ ‘ਤੇ ਬੈਠੇ ਸ਼ਰਾਬ ਮਾਫੀਆ ਦੇ ਆਗੂਆਂ ਵਿਚਕਾਰ ਇੱਕ ਖੁੱਲ੍ਹੀ ਜੰਗ ਸ਼ੁਰੂ ਹੋ ਗਈ ਹੈ।

ਪਾਰਟੀ ਨੇ ਕਿਹਾ ਕਿ ਇਹ ਇੱਕ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਰੇਆਮ ਲੁੱਟਣ ਦੀ ਲਾਲਸਾ ਹੈ। ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਜਿਸ ਸਮੇਂ ਲੋਕ ਆਪਣੀ ਜ਼ਿੰਦਗੀ – ਮੌਤ ਦੀ ਲੜਾਈ ਲੜ ਰਹੇ ਹਨ ਤਾਂ ਮੰਤਰੀ ਅਤੇ ਬਾਕੀ ਕਾਂਗਰਸੀ ਆਗੂ ਲਾਕਡਾਊਨ ਦੌਰਾਨ ਬਿਪਤਾ ਹੰਢਾ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ-ਵੱਡੇ ਵਪਾਰੀਆਂ, ਕਰਮਚਾਰੀਆਂ ਅਤੇ ਹੋਰ ਪੰਜਾਬੀਆਂ ਬਾਰੇ ਨਹੀਂ ਸੋਚ ਰਹੇ ਹਨ, ਸਗੋਂ ਉਨ੍ਹਾਂ ਨੂੰ ਸਿਰਫ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਆਪਣੇ ਹਿੱਸੇ ਦੀ ਚਿੰਤਾ ਸਤਾ ਰਹੀ ਹੈ।

ਸੂਬੇ ਅੰਦਰ ਮੰਤਰੀਆਂ ਤੇ ਨੌਕਰਸ਼ਾਹ ਵਿਚਕਾਰ ਛਿੜੇ ਮੰਦਭਾਗੇ ਕਲੇਸ਼ ਬਾਰੇ ਟਿੱਪਣੀ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਪਹਿਲਾਂ ਕਦੇ ਨਹੀਂ ਹੋਇਆ ਕਿ ਮੰਤਰੀਆਂ ਉੱਤੇ ਗੈਰਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਦੇ ਦੋਸ਼ ਲੱਗੇ ਹੋਣ ਅਤੇ ਇਹ ਦੋਸ਼ ਵੀ ਉਹਨਾਂ ਦੇ ਆਪਣੇ ਇੱਕ ਉੱਚ ਅਧਿਕਾਰੀ ਵੱਲੋਂ ਇੱਕ ਕੈਬਨਿਟ ਮੀਟਿੰਗ ਦੌਰਾਨ ਲਗਾਏ ਗਏ ਹਨ।

ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਮਾੜਾ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਵਿੱਚ ਮੰਤਰੀ ਆਪਣੇ ਅਹੁਦਿਆਂ ‘ਤੇ ਰਹਿਣ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ। ਉਨ੍ਹਾਂ ਨੂੰ ਜਾਂ ਤਾਂ ਨੈਤਿਕ ਆਧਾਰ ‘ਤੇ ਅਸਤੀਫੇ ਦੇਣੇ ਚਾਹੀਦੇ ਹਨ ਜਾਂ ਫਿਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਖ਼ਿਲਾਫ ਭ੍ਰਿਸ਼ਟਾਚਾਰ ਕਰਨ ਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੇ ਨਾਂ ਇਸ ਘੁਟਾਲੇ ਵਿੱਚ ਸਾਹਮਣੇ ਆਏ ਹਨ।

ਅਕਾਲੀ ਆਗੂ ਨੇ ਕਿਹਾ ਕਿ ਮੰਤਰੀਆਂ ਦਾ ਅਸਤੀਫੇ ਜਾਂ ਬਰਖ਼ਾਸਤਗੀ ਇਹ ਯਕੀਨੀ ਬਣਾਉਣ ਲਈ ਪਹਿਲੀ ਸ਼ਰਤ ਹੈ ਕਿ ਦੋਸ਼ੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਖ਼ਿਲਾਫ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ।