‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਸੈਸ਼ਨ ਦੇ ਅੱਜ ਪਹਿਲੇ ਦਿਨ ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਹੋ ਗਿਆ ਹੈ। ਸਪੀਕਰ ਨੇ ਵਿਰੋਧੀ ਧਿਰ ਦੀ ਬਿੱਲ ‘ਤੇ ਬਹਿਸ ਦੀ ਮੰਗ ਠੁਕਰਾ ਦਿੱਤੀ। ਸਪੀਕਰ ਨੇ ਭਰੋਸਾ ਦਿੱਤਾ ਕਿ ਚਰਚਾ ਕਰਾਈ ਜਾਵੇਗੀ। ਉਸ ਤੋਂ ਬਾਅਦ ਵਿਰੋਧੀ ਧਿਰ ਨੇ ਜਦੋਂ ਜ਼ੋਰ ਪਾਇਆ ਤਾਂ 2 ਵਜੇ ਤੱਕ ਸਦਨ ਉਠਾ ਦਿੱਤਾ ਗਿਆ। ਵਿਰੋਧੀਆਂ ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਹੈ। ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਬਿੱਲ ਉੱਤੇ ਚਰਚਾ ਦੀ ਮੰਗ ਕੀਤੀ ਗਈ ਪਰ ਬਿੱਲ ਬਿਨਾਂ ਚਰਚਾ ਦੇ ਹੀ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿੱਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ ਸੀ।