‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਗਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪ੍ਰੈਲ 2022 ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਗੁਰਦੁਆਰਾ ਪੰਜਾ ਸਾਹਿਬ (ਪਾਕਿਸਤਾਨ) ਅਤੇ ਉੱਥੋਂ ਦੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰੀ ਜਥਾ ਭੇਜਿਆ ਜਾ ਰਿਹਾ ਹੈ। ਇਸ ਯਾਤਰੀ ਜਥੇ ਵਿੱਚ ਜਾਣ ਦੇ ਚਾਹਵਾਨ ਯਾਤਰੀ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਸਾਹਿਬਾਨ ਦੀ ਸਿਫਾਰਸ਼ ਅਤੇ ਪਛਾਣ ਦੇ ਸਬੂਤ (ਆਧਾਰ ਜਾਂ ਵੋਟਰ ਕਾਰਡ) ਸਮੇਤ 31 ਦਸੰਬਰ 2021 ਤੱਕ ਜਮ੍ਹਾਂ ਕਰਵਾ ਸਕਦੇ ਹਨ।
ਤੁਹਾਨੂੰ ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਪਾਕਿਸਤਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ 1000 ਦੇ ਕਰੀਬ ਸ਼ਰਧਾਲੂਆਂ ਨੂੰ ਪਾਕਿਸਤਾਨ ਲਿਜਾਇਆ ਗਿਆ। ਇਸ 10 ਦਿਨਾਂ ਦੇ ਵੀਜ਼ੇ ‘ਚ ਸ਼ਰਧਾਲੂ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸੇ ਤਰ੍ਹਾਂ ਹਰ ਸਾਲ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ।
ਪਿਛਲੇ ਸਾਲ ਕੋਰੋਨਾ ਕਾਰਨ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਪ੍ਰੈਲ 2022 ‘ਚ ਸਥਿਤੀ ਠੀਕ ਹੋਣ ‘ਤੇ ਪਾਕਿਸਤਾਨ ਹੋਰ ਸ਼ਰਧਾਲੂਆਂ ਨੂੰ ਵੀਜ਼ਾ ਮੁਹੱਈਆ ਕਰਵਾਏਗਾ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸ਼ਰਧਾਲੂ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ, ਅਪਲਾਈ ਕਰ ਸਕਦਾ ਹੈ। ਪਰ ਇਹ ਬਿਨੈ-ਪੱਤਰ 31 ਦਸੰਬਰ 2021 ਤੋਂ ਪਹਿਲਾਂ ਐਸਜੀਪੀਸੀ ਦਫ਼ਤਰ ਦੇ ਯਾਤਰੀ ਵਿਭਾਗ ਨੂੰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ। ਇਸ ਵਾਸਤੇ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਮੈਂਬਰ ਦੀ ਸਿਫ਼ਾਰਸ਼ ਜ਼ਰੂਰੀ ਹੈ। ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾਉਣੀ ਪਵੇਗੀ।