‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਤੇ ਲਾਕਡਾਊਨ ਕਾਰਨ ਪਹਿਲਾਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਦੀ ਯਾਤਰਾ ਲਈ ਨਹੀਂ ਜਾ ਸਕਿਆ ਅਤੇ ਹੁਣ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਦੋ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਲਾਕਡਾਊਨ ਚਲ ਰਿਹਾ ਹੈ ਅਤੇ ਪੰਜਾਬ ’ਚ ਚੱਲ ਰਹੇ ਕਰਫਿਊ, ਜਿਸ ਕਾਰਨ ਸਰਹੱਦਾਂ ਵੀ ਸੀਲ ਕਰ ਦਿੱਤੀਆਂ ਗਈਆਂ ਸਨ। ਇਸੇ ਤਹਿਤ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾ ਸਕਿਆ ਸੀ। ਹੁਣ ਵੀ ਅਜਿਹੇ ਹੀ ਹਾਲਾਤ ਬਰਕਰਾਰ ਹਨ। ਇਸੇ ਕਾਰਨ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 27 ਮਈ ਨੂੰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 28 ਜੂਨ ਨੂੰ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕੋਰੋਨਾ ਕਾਰਨ ਦੇਸ਼ ਹੀ ਨਹੀਂ ਸਗੋਂ ਵਿਸ਼ਵ ਵਿੱਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸੇ ਕਾਰਨ ਸਿੱਖ ਸ਼ਰਧਾਲੂਆਂ ਦੇ ਤਿੰਨ ਜਥੇ ਇਸ ਵਾਰ ਪਾਕਿਸਤਾਨ ਨਹੀਂ ਜਾ ਸਕਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਇਹ ਪ੍ਰਤੀਤ ਹੋ ਰਿਹਾ ਹੈ ਕਿ ਹਾਲਾਤ ਠੀਕ ਹੋਣ ਮਗਰੋਂ ਨਵੰਬਰ ਮਹੀਨੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾ ਸਕਦੇ ਹਨ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ:
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ 18 ਮਈ ਨੂੰ ਵੱਲਾ ਨੇੜੇ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ ’ਚ ਰੱਖੀ ਗਈ ਹੈ, ਜਿਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਨਾਲ ਜੁੜੇ ਕਈ ਮਾਮਲੇ ਵਿਚਾਰੇ ਜਾਣਗੇ। ਮੁੱੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਿੱਚ ਲੰਬਿਤ ਪਏ ਕੰਮ ਮੁਕੰਮਲ ਕੀਤੇ ਜਾਣਗੇ। ਮਹਾਂਮਾਰੀ ਕੋਰੋਨਾ ਕਾਰਨ ਇਸ ਵਾਰ ਸਿੱਖ ਸੰਸਥਾ ਦਾ ਬਜਟ ਇਜਲਾਸ ਵੀ ਨਹੀਂ ਹੋ ਸਕਿਆ ਹੈ।